ਜ਼ੀਰਾ, 31 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਿਕ ਗੁੱਜਰਾਂ ਵਿਖੇ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿਚ ਚਮਕੌਰ ਸਿੰਘ ਸਰਾਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ | ਆਪਣੇ ਸੰਬੋਧਨ ਦੌਰਾਨ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਸਾਰੇ ਕਲਾਸ ਰੂਮਾਂ ਵਿਚ ਇੰਟਰ ਐਕਟਿਵ ਪੈਨਲ ਲਗਾਏ ਗਏ ਹਨ, ਜਿਸ ਨਾਲ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੁਚਿਕਰ ਬਣਾਇਆ ਗਿਆ ਹੈ | ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਦੀਆਂ ਖੇਡਾਂ 'ਤੇ ਪੜ੍ਹਾਈ ਦੇ ਖੇਤਰ ਵਿਚ ਮਾਰੀਆਂ ਮੱਲ੍ਹਾਂ ਆਏ ਹੋਏ ਮਹਿਮਾਨਾਂ ਤੇ ਮਾਪਿਆਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੁਖਵਿੰਦਰ ਸਿੰਘ ਅਤੇ ਮੁੱਖ ਮਹਿਮਾਨ ਚਮਕੌਰ ਸਿੰਘ ਸਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਚਮਕੌਰ ਸਿੰਘ ਸਰਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਉੱਚੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਮੈਡਮ ਅਰਚਨਾ ਲੈਕਚਰਾਰ ਰਾਜਨੀਤੀ ਸ਼ਾਸਤਰ, ਗੁਰਪ੍ਰੀਤ ਸਿੰਘ ਲੈਕਚਰਾਰ ਪੰਜਾਬੀ, ਰਾਜਿੰਦਰ ਕੁਮਾਰ ਲੈਕਚਰਾਰ ਕਾਮਰਸ, ਰਾਜੇਸ਼ ਪੁਰੀ, ਕਰਮਜੀਤ ਕੌਰ, ਰਵਜੀਤ ਕੌਰ, ਗੁਰਪ੍ਰੀਤ ਕੌਰ, ਸ਼੍ਰੀਮਤੀ ਰਾਜ ਰਾਣੀ, ਲਵਪ੍ਰੀਤ ਸ਼ਰਮਾ,ਰਾਜਦੀਪ ਕੌਰ, ਨਵਨੀਤ ਕੌਰ, ਪੂਨਮ ਦੇਵੀ, ਅਵਨੀਤ ਕੌਰ, ਸੁਨੀਤਾ ਰਾਣੀ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ, ਗੁਲਸ਼ਨ ਕੁਮਾਰ, ਲਖਵੀਰ ਕੌਰ, ਰਵਿੰਦਰ ਕੌਰ ਆਦਿ ਸਮੂਹ ਅਧਿਆਪਕ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਸਾਰੇ ਮਾਪਿਆਂ, ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ |