ਫ਼ਿਰੋਜ਼ਪੁਰ, 1 ਜੂਨ (ਗੁਰਿੰਦਰ ਸਿੰਘ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਅੱਜ ਪੈਨਸ਼ਨਰਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਅੱਗੇ ਰੋਸ ਰੈਲੀ ਕੀਤੀ | ਰੈਲੀ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਨੂੰ ਸੌਂਪਿਆ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਅਦਾਲਤ ਵਿਚ ਸੀਲਬੰਦ ਲਿਫ਼ਾਫ਼ਾ ਪੇਸ਼ ਕਰਨ ਦੀ ਤਿੱਖੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ 18 ਫ਼ੀਸਦੀ ਮਹਿੰਗਾਈ ਭੱਤਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ | ਜਿਸ ਕਾਰਨ ਵੱਡੀ ਗਿਣਤੀ ਵਿਚ ਸੇਵਾਮੁਕਤ ਕਰਮਚਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਵੇਤਨ ਸਕੇਲਾਂ ਦੀ ਤੁਲਨਾ ਕੇਂਦਰ ਸਰਕਾਰ ਨਾਲ ਕਰਨਾ ਬਿਲਕੁਲ ਗ਼ਲਤ ਹੈ | ਉਨ੍ਹਾਂ ਦੱਸਿਆ ਕਿ 1967 ਤੋਂ ਲੈ ਕੇ ਹਰ ਦਸ ਸਾਲ ਬਾਅਦ ਪੰਜਾਬ ਤਨਖ਼ਾਹ ਕਮਿਸ਼ਨ ਵਲੋਂ ਸਿਫ਼ਾਰਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਉਨ੍ਹਾਂ ਨੂੰ ਲਾਗੂ ਵੀ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਦਲੀਲ ਦਿੱਤੀ ਕਿ ਪੰਜਾਬ ਵਿਚ ਸੇਵਾ ਨਿਭਾ ਰਹੇ ਆਈ.ਏ.ਐੱਸ., ਆਈ.ਪੀ.ਐੱਸ. ਅਤੇ ਆਈ.ਐਫ਼.ਐੱਸ. ਅਧਿਕਾਰੀ 60 ਫ਼ੀਸਦੀ ਮਹਿੰਗਾਈ ਭੱਤਾ ਪ੍ਰਾਪਤ ਕਰ ਰਹੇ ਹਨ | ਜਦਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਤੋਂ ਕਾਫ਼ੀ ਘੱਟ ਮਹਿੰਗਾਈ ਭੱਤਾ ਮਿਲ ਰਿਹਾ ਹੈ | ਪੈਨਸ਼ਨਰ ਆਗੂਆਂ ਨੇ ਐਲਾਨ ਕੀਤਾ ਕਿ 17 ਜੂਨ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਇਕ ਵਿਸ਼ਾਲ ਕਨਵੈੱਨਸ਼ਨ ਕਰਵਾਈ ਜਾਵੇਗੀ | ਜਿਸ ਦੌਰਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਅਤੇ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਪ੍ਰਗਟ ਕਰਦਿਆਂ ਆਸ ਜਤਾਈ ਕਿ ਪੈਨਸ਼ਨਰਾਂ ਦੇ ਹੱਕ ਵਿਚ ਨਿਆਂਪੂਰਨ ਫ਼ੈਸਲਾ ਆਵੇਗਾ | ਇਸ ਮੌਕੇ ਰਾਕੇਸ਼ ਸ਼ਰਮਾ ਕਨਵੀਨਰ, ਸੁਰਿੰਦਰ ਸ਼ਰਮਾ, ਚੰਨਣ ਸਿੰਘ, ਕਿਸ਼ਨ ਚੰਦ ਜਾਗੋਵਾਲੀਆ, ਪ੍ਰਤਾਪ ਸਿੰਘ ਢਿੱਲੋਂ, ਤਰਸੇਮ ਬੇਦੀ, ਸੁਬੇਗ ਸਿੰਘ, ਅਜੀਤ ਸਿੰਘ ਸੋਢੀ, ਗੁਰਪ੍ਰਤਾਪ ਸਿੰਘ, ਜਸਪਾਲ ਸਿੰਘ, ਤਾਰਾ ਸਿੰਘ, ਲਤੀਫ਼ ਮੁਹੰਮਦ, ਕਸ਼ਮੀਰ ਸਿੰਘ ਕੋ-ਕਨਵੀਨਰ, ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ |