ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ 'ਚ ਨਿੱਤਰੀ ਡੀ.ਟੀ.ਐਫ. ਫ਼ਿਰੋਜ਼ਪੁਰ
ਅਜੀਤ ਡੈਸਕ
03-06-2026
ਫ਼ਿਰੋਜ਼ਪੁਰ, 2 ਜੂਨ (ਗੁਰਿੰਦਰ ਸਿੰਘ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਤਨਖ਼ਾਹਾਂ ਵਿਚ ਵਾਧਾ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਸੇਵਾ ਕੇਂਦਰਾਂ ਨੂੰ ਸਰਕਾਰੀ ਅਧੀਨ ਲਿਆਉਣ ਲਈ ਚਲਾਏ ਜਾ ਰਹੇ ਸੰਘਰਸ਼ ਨੂੰ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਫ਼ਿਰੋਜ਼ਪੁਰ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਡੀ.ਟੀ.ਐੱਫ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿੱਤ ਸ਼ਰਮਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਆਪਣੇ ਸਾਥੀਆਂ ਸਮੇਤ ਜਾਰੀ ਬਿਆਨ ਵਿਚ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਰੀਬ ਇਕ ਦਹਾਕੇ ਤੋਂ ਬਹੁਤ ਘੱਟ ਤਨਖ਼ਾਹਾਂ 'ਤੇ ਸੇਵਾਵਾਂ ਨਿਭਾ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸੇਵਾ ਕੇਂਦਰ ਆਮ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਦੇ ਬਾਵਜੂਦ ਉਨ੍ਹਾਂ ਨੂੰ ਨਾ ਤਾਂ ਰੁਜ਼ਗਾਰ ਦੀ ਪੱਕੀ ਗਾਰੰਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਬਣਦਾ ਮਾਣ-ਸਨਮਾਨ | ਡੀ.ਟੀ.ਐੱਫ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਲੰਬੇ ਸਮੇਂ ਦੇ ਠੇਕਿਆਂ ਦੀ ਗੱਲ ਕੀਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਕੰਪਨੀਆਂ ਵਲੋਂ ਮੁਲਾਜ਼ਮਾਂ ਨੂੰ ਸਿਰਫ਼ ਛੇ-ਛੇ ਮਹੀਨਿਆਂ ਦੇ ਠੇਕੇ ਜਾਰੀ ਕੀਤੇ ਜਾਂਦੇ ਹਨ |
ਇਸ ਕਾਰਨ ਕਰਮਚਾਰੀਆਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ | ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰਾਂ ਨੂੰ ਨਿੱਜੀ ਕੰਪਨੀਆਂ ਦੀ ਬਜਾਏ ਸਿੱਧੇ ਤੌਰ 'ਤੇ ਸਰਕਾਰੀ ਅਧੀਨ ਲਿਆ ਜਾਵੇ, ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਵਾਜਬ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਈ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਡੀ.ਟੀ.ਐੱਫ ਫ਼ਿਰੋਜ਼ਪੁਰ ਉਨ੍ਹਾਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ | ਇਸ ਮੌਕੇ ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿੱਤ ਕੰਬੋਜ, ਸਵਰਨ ਸਿੰਘ ਜੋਸਨ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ ਉੱਪਲ, ਅਨਿਲ ਧਵਨ ਸਮੇਤ ਹੋਰ ਆਗੂ ਹਾਜ਼ਰ ਸਨ |