ਫਿਰੋਜ਼ਪੁਰ, 2 ਜੂਨ (ਸੁਖਵਿੰਦਰ ਸਿੰਘ)-ਮੱਲਾਂਵਾਲਾ ਰੋਡ ਸਥਿਤ ਬੇਦੀ ਕਾਲੋਨੀ ਵਿਚ ਆਪ ਆਗੂ ਮਨਜੀਤ ਕੌਰ ਤੇ ਸੁਬੇਗ ਸਿੰਘ ਦੇ ਘਰ ਦੇਰ ਰਾਤ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਭਾਜਪਾ ਐਮ.ਸੀ ਦਵਿੰਦਰ ਸਿੰਘ ਪਹਿਲਵਾਨ ਨੇ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਭਾਈਚਾਰੇ ਅਤੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ | ਭਾਵੇਂ ਮਨਜੀਤ ਕੌਰ ਅਤੇ ਦਵਿੰਦਰ ਪਹਿਲਵਾਨ ਵੱਖ-ਵੱਖ ਸਿਆਸੀ ਵਿਚਾਰਧਾਰਾਵਾਂ ਨਾਲ ਸਬੰਧ ਰੱਖਦੇ ਹਨ ਪਰ ਇਸ ਮੁਸ਼ਕਲ ਘੜੀ ਵਿਚ ਦਵਿੰਦਰ ਪਹਿਲਵਾਨ ਨੇ ਸਿਆਸੀ ਮਤਭੇਦਾਂ ਨੂੰ ਪਾਸੇ ਰੱਖਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਦਵਿੰਦਰ ਸਿੰਘ ਪਹਿਲਵਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਘਟਨਾ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਘਰ ਉੱਤੇ ਇਸ ਤਰ੍ਹਾਂ ਦਾ ਹਮਲਾ ਨਿੰਦਣਯੋਗ ਹੈ ਅਤੇ ਅਜਿਹੀਆਂ ਘਟਨਾਵਾਂ ਦਾ ਸਮਾਜ ਵਿਚ ਕੋਈ ਸਥਾਨ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਪਹਿਲਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਮਾਜ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਦਵਿੰਦਰ ਪਹਿਲਵਾਨ ਦੇ ਇਸ ਕਦਮ ਦੀ ਇਲਾਕੇ ਵਿੱਚ ਕਾਫ਼ੀ ਸਰਾਹਨਾ ਕੀਤੀ ਜਾ ਰਹੀ ਹੈ |