ਮੱਖੂ, 6 ਜੂਨ (ਵਰਿੰਦਰ ਮਨਚੰਦਾ)-ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫ਼ਤਰ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ, ਲਾਈਨਮੈਨਾਂ ਅਤੇ ਮੁਲਾਜ਼ਮਾਂ 'ਤੇ ਪੁਲਿਸ ਵਲੋਂ ਕੀਤੇ ਗਏ | ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਘਟਨਾ ਨੂੰ ਪੰਜਾਬ ਦੇ ਇਤਿਹਾਸ ਵਿਚ ਇਕ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ | ਪੀਰ ਮੁਹੰਮਦ ਨੇ ਕਿਹਾ ਕਿ ਜੋ ਨੌਜਵਾਨ ਅਤੇ ਮੁਲਾਜ਼ਮ ਸੂਬੇ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ | ਅੱਜ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ 'ਤੇ ਘਸੀਟਿਆ ਜਾ ਰਿਹਾ ਹੈ | ਪੁਲਿਸ ਵਲੋਂ ਨੌਜਵਾਨਾਂ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਭਜਾ-ਭਜਾ ਕੇ ਬੇਰਹਿਮੀ ਨਾਲ ਕੁੱਟਿਆ ਗਿਆ | ਜਿਸ ਨੇ ਸਿੱਧ ਕਰ ਦਿੱਤਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ਦੇ ਰਾਹ 'ਤੇ ਚੱਲ ਰਹੀ ਹੈ | ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ | ਪਰ ਪਟਿਆਲਾ ਵਿਚ ਪੁਲਿਸ ਪ੍ਰਸ਼ਾਸਨ ਨੇ ਜਿਸ ਤਰ੍ਹਾਂ ਮਾਨਵਤਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ, ਉਹ ਬੇਹੱਦ ਨਿੰਦਣਯੋਗ ਹੈ | ਆਪਣੇ ਬਜ਼ੁਰਗ ਮਾਪਿਆਂ ਦੀ ਮਿਹਨਤ ਦੀ ਕਮਾਈ ਨਾਲ ਪੜ੍ਹ ਲਿਖ ਕੇ ਰੁਜ਼ਗਾਰ ਮੰਗਣ ਆਏ ਨੌਜਵਾਨਾਂ ਦੇ ਸਿਰ ਪਾੜਨੇ ਅਤੇ ਉਨ੍ਹਾਂ 'ਤੇ ਅੱਥਰੂ ਗੈੱਸ ਦੇ ਗੋਲੇ ਛੱਡਣਾ ਬੇਹੱਦ ਸ਼ਰਮਨਾਕ ਹੈ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਨ੍ਹਾਂ ਪੀੜਤ ਨੌਜਵਾਨਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ | ਜਿਨ੍ਹਾਂ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਨੌਜਵਾਨਾਂ ਅਤੇ ਖ਼ਾਸ ਕਰਕੇ ਮਹਿਲਾ ਪ੍ਰਦਰਸ਼ਨਕਾਰੀਆਂ 'ਤੇ ਬੇਰਹਿਮੀ ਨਾਲ ਲਾਠੀਆਂ ਵਰ੍ਹਾਈਆਂ ਹਨ | ਉਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ | ਪੀਰ ਮੁਹੰਮਦ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੌਜਵਾਨਾਂ ਵਿਰੁੱਧ ਇਹ ਦਮਨਕਾਰੀ ਨੀਤੀ ਤੁਰੰਤ ਬੰਦ ਨਾ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ |