ਫ਼ਿਰੋਜ਼ਪੁਰ, 12 ਜੂਨ (ਗੁਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਾਰਕੁਨਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ | ਇਸੇ ਕੜੀ ਤਹਿਤ ਪਾਰਟੀ ਦੇ ਸੀਨੀਅਰ ਅਤੇ ਸਮਰਪਿਤ ਆਗੂ ਰੇਸ਼ਮ ਸਿੰਘ ਭੁੱਲਰ ਸਤੀਏ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਰੇਸ਼ਮ ਸਿੰਘ ਭੁੱਲਰ ਨੇ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੋਰ ਵਧੇਰੇ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ | ਉਨ੍ਹਾਂ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕ ਵਾਲਾ, ਸੁਰਿੰਦਰ ਸਿੰਘ ਬੱਬੂ, ਬੂਟਾ ਸਿੰਘ ਭੁੱਲਰ ਸਤੀਏ ਵਾਲਾ, ਨਿਰਮਲ ਸਿੰਘ ਨਿੰਮ੍ਹਾ, ਮੋਹਨਜੀਤ ਸਿੰਘ ਚੰਗਾਲੀ, ਅਮਨਦੀਪ ਸਿੰਘ ਭੁੱਲਰ, ਕਰਨੈਲ ਸਿੰਘ ਸਾਦੇ ਹਾਸ਼ਮ, ਜੱਜਬੀਰ ਸਿੰਘ ਸਿੱਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਪਰਮਜੀਤ ਸਿੰਘ ਕਲਸੀ ਸੀਨੀਅਰ ਮੀਤ ਪ੍ਰਧਾਨ ਅਤੇ ਦਵਿੰਦਰ ਸਿੰਘ ਕਲਸੀ ਸ਼ਹਿਰੀ ਪ੍ਰਧਾਨ ਬੀਸੀ ਵਿੰਗ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਰੇਸ਼ਮ ਸਿੰਘ ਭੁੱਲਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਆਗੂਆਂ ਨੇ ਆਸ ਜਤਾਈ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ |