ਫਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐੱਨ.ਟੀ.ਐੱਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਤਿੰਨ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਕਿੱਲੋ ਤੋਂ ਵੱਧ ਹੈਰੋਇਨ ਅਤੇ 2 ਕਿੱਲੋ 795 ਗ੍ਰਾਮ ਅਫ਼ੀਮ ਸਮੇਤ ਹੋਰ ਸ਼ੱਕੀ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਏ.ਐੱਨ.ਟੀ.ਐੱਫ ਪਿ੍ਥੀਪਾਲ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਅਤੇ ਏ.ਡੀ.ਜੀ.ਪੀ ਏ.ਐੱਨ.ਟੀ.ਐੱਫ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਿੰਦਰਬੀਰ ਸਿੰਘ, ਏ.ਆਈ.ਜੀ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਕੀਤੀਆਂ ਗਈਆਂ | ਇਨ੍ਹਾਂ ਕਾਰਵਾਈਆਂ ਦੌਰਾਨ ਪਹਿਲੇ ਮਾਮਲੇ ਵਿਚ ਦੋਸ਼ੀ ਦਵਿੰਦਰ ਸਿੰਘ ਉਰਫ਼ ਏਕਮ, ਵਾਸੀ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 3 ਕਿੱਲੋ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਸਬੰਧੀ ਥਾਣਾ ਏ.ਐੱਨ.ਟੀ.ਐੱਫ ਐਸ.ਏ.ਐਸ. ਨਗਰ ਵਿਚ ਧਾਰਾ 21 ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਪ੍ਰੇਮ ਸਿੰਘ, ਵਾਸੀ ਮਾਛੀਵਾੜਾ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 100 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਤੀਜੇ ਮਾਮਲੇ ਵਿਚ ਦੋਸ਼ੀ ਰਣਜੀਤ ਸਿੰਘ ਉਰਫ਼ ਰਾਣਾ, ਵਾਸੀ ਅੰਮਿ੍ਤਸਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਿੱਲੋ 795 ਗ੍ਰਾਮ ਅਫ਼ੀਮ, 204 ਗ੍ਰਾਮ ਜੜੀ-ਬੂਟੀਆਂ, 485 ਗ੍ਰਾਮ ਚਿੱਟਾ ਪਾਊਡਰ ਅਤੇ ਇਕ ਕਿੱਲੋ 35 ਗ੍ਰਾਮ ਕਾਲੇ ਰੰਗ ਦਾ ਤਰਲ ਪਦਾਰਥ ਬਰਾਮਦ ਕੀਤਾ ਗਿਆ | ਇਸ ਤੋਂ ਇਲਾਵਾ ਇਕ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਗਈ ਹੈ | ਡੀ.ਐੱਸ.ਪੀ ਨੇ ਦੱਸਿਆ ਕਿ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੀਆਂ ਵੱਖ-ਵੱਖ ਟੀਮਾਂ ਵਲੋਂ ਦਰਜ ਕੀਤੇ ਗਏ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਨਸ਼ਾ ਸਪਲਾਈ ਚੇਨ, ਮੁੱਖ ਤਸਕਰਾਂ ਅਤੇ ਉਨ੍ਹਾਂ ਦੇ ਹੋਰ ਸਬੰਧਾਂ ਨੂੰ ਖੰਗਾਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਸਬ ਇੰਸਪੈਕਟਰ ਹਰਦੇਵ ਸਿੰਘ ਵੀ ਮੌਜੂਦ ਸਨ |