ਮੁੱਦਕੀ, 13 ਜੂਨ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ, ਰਸੋਈ ਗੈਸ ਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਰ-ਵਾਰ ਕੀਤੇ ਜਾ ਰਹੇ ਵਾਧੇ ਨਾਲ ਦੇਸ਼ ਭਰ 'ਚ ਲੋਕਾਂ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਸੁਖਚੈਨ ਸਿੰਘ ਖੋਸਾ ਸਾਬਕਾ ਬਲਾਕ ਪ੍ਰਧਾਨ ਮੁੱਦਕੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਦੀਪ ਸਿੰਘ ਨੰਬਰਦਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਘਟਣ ਦੇ ਬਾਵਜੂਦ ਪਿਛਲੇ ਇਕ ਮਹੀਨੇ ਵਿਚ ਚਾਰ ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ ਤੇ ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਕਰਕੇ ਆਮ ਲੋਕਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ 2014 ਵਿਚ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਇਕ ਆਮ ਪਰਿਵਾਰ ਲਈ ਆਪਣੇ ਘਰ ਦਾ ਖਰਚਾ ਚਲਾਉਣਾ ਵੀ ਔਖਾ ਹੋ ਗਿਆ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਲਿਆਉਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਆ ਕੇ ਰੋਜ਼ਾਨਾ ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਦੇਸ਼ ਵਾਸੀ ਕੇਂਦਰ ਦੀ ਮੋਦੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਰਪੋਰੇਟ ਘਰਾਣਿਆਂ ਤੋਂ ਹੇਠ ਆ ਕੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਲੋਕ ਵਿਰੋਧੀ ਸਰਕਾਰ ਤੋਂ ਛੁਟਕਾਰਾ ਮਿਲ ਸਕੇ |