ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਚੰਡੀਗੜ੍ਹ ਸਕੱਤਰੇਤ ਦੇ ਪ੍ਰਮੁੱਖ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਸਿਹਤ ਨਿਰਦੇਸ਼ਕ ਦਫ਼ਤਰ (ਸੈਕਟਰ-34) ਦੇ ਮੁਲਾਜ਼ਮ ਆਗੂ ਮਨਪ੍ਰੀਤ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਸੈਕਟਰ-68 ਸਥਿਤ ਅੰਬੇਦਕਰ ਭਵਨ ਮੁਹਾਲੀ ਵਿਖੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਇਕ ਅਹਿਮ ਇਕੱਤਰਤਾ ਹੋਈ। ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ‘ਸਿਹਤ ਵਿਭਾਗ ਸਾਂਝਾ ਮੁਲਾਜ਼ਮ ਮੰਚ’ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸਿਹਤ ਕਰਮਚਾਰੀਆਂ ਦੇ ਪ੍ਰਮੁੱਖ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਇਸ ਮੀਟਿੰਗ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਿਛਲੇ 4 ਸਾਲਾਂ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ, ਜਿਸ ਕਾਰਨ ਸਮੂਹ ਕਾਡਰਾਂ ਅਤੇ ਯੂਨੀਅਨਾਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਫ਼ੈਸਲਾਕੁਨ ਸੰਘਰਸ਼ ਦਾ ਬਿਗਲ ਵਜਾਉਣਾ ਪਿਆ ਹੈ। ਮੰਗਵਾਲ ਨੇ ਵਿਸ਼ਵਾਸ ਦਿਵਾਇਆ ਕਿ ਸਾਂਝੇ ਮੁਲਾਜ਼ਮ ਮੰਚ ਵਲੋਂ ਉਲੀਕੇ ਜਾਣ ਵਾਲੇ ਹਰ ਪ੍ਰੋਗਰਾਮ ਅਤੇ ਸੰਘਰਸ਼ ਵਿਚ ਸਿਹਤ ਵਿਭਾਗ ਦੇ ਕਰਮਚਾਰੀ ਮੋਹਰੀ ਰੋਲ ਅਦਾ ਕਰਨਗੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ, ਗੁਰਦੇਵ ਸਿੰਘ ਢਿੱਲੋਂ, ਹਰਵਿੰਦਰ ਸਿੰਘ ਛੀਨਾ, ਅਵਤਾਰ ਸਿੰਘ ਗੰਢੂਆਂ, ਨਰਿੰਦਰ ਸ਼ਰਮਾ, ਰਣਦੀਪ ਸਿੰਘ, ਮਨਜੀਤ ਕੌਰ, ਸਰਬਜੀਤ ਕੌਰ, ਸੁਖਜੀਤ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਪੰਧੇਰ ਅਤੇ ਸੂਬਾ ਪੈੱ੍ਰਸ ਸਕੱਤਰ ਰਵਿੰਦਰ ਸ਼ਰਮਾ ਨੇ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ ਅਤੇ ਨਜਾਇਜ਼ ਖ਼ਰਚਿਆਂ ਰਾਹੀਂ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ, ਜਦਕਿ ਮੁਲਾਜ਼ਮਾਂ ਨੂੰ 18 ਪ੍ਰਤੀਸ਼ਤ ਮਹਿੰਗਾਈ ਭੱਤੇ ਵਰਗੇ ਸੰਵਿਧਾਨਕ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀ ਕਾਰਜਸ਼ੈਲੀ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ, ਕਿਰਤੀਆਂ ਅਤੇ ਆਮ ਲੋਕਾਂ ਲਈ ਬੇਹੱਦ ਨਿਰਾਸ਼ਾਜਨਕ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਕੱਚੇ, ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ, ਬਰਾਬਰ ਕੰਮ, ਬਰਾਬਰ ਤਨਖ਼ਾਹ ਦਾ ਨਿਯਮ ਲਾਗੂ ਕਰਨਾ, 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ 18 ਫ਼ੀਸਦੀ ਭੱਤਾ ਤੁਰੰਤ ਚਾਲੂ ਕਰਵਾਉਣਾ, ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਲਾਗੂ ਕਰਵਾਉਣਾ, ਪੰਜਾਬ ਪੈਟਰਨ ਦੇ ਤਨਖ਼ਾਹ ਸਕੇਲ ਬਹਾਲ ਕਰਨਾ ਅਤੇ 15-1-15 ਦੀਆਂ ਮੁਲਾਜ਼ਮ ਵਿਰੋਧੀ ਹਦਾਇਤਾਂ ਵਾਪਸ ਕਰਵਾਉਣਾ, ਪੈਨਸ਼ਨਰਾਂ ਨੂੰ 2.59 ਗੁਣਾਂਕ ਫੈਕਟਰ ਦਿਵਾਉਣਾ ਅਤੇ ਕੱਟੇ ਗਏ ਸਾਰੇ ਭੱਤੇ ਬਹਾਲ ਕਰਵਾਉਣਾ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਮੰਗਾਂ ਦੇ ਹੱਲ ਲਈ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦਾ ਇੱਕ ਵੱਡਾ ਸਾਂਝਾ ਮੋਰਚਾ ਕਾਇਮ ਕਰਕੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਖ਼ਿਲਾਫ਼ ਇੱਕ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ।
ਸਿਹਤ ਵਿਭਾਗ ਦੇ ਸਾਂਝੇ ਮੁਲਾਜ਼ਮ ਮੰਚ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ਾਂ ’ਚ ਮੋਹਰੀ ਰੋਲ ਨਿਭਾਉਣਗੇ ਸਿਹਤ ਕਾਮੇ- ਮੰਗਵਾਲ
ਅਜੀਤ ਡੈਸਕ
15-06-2026