ਫਿਰੋਜ਼ਪੁਰ, 19 ਜੂਨ (ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਸਵੇਰੇ 6 ਤੋਂ 7 ਵਜੇ ਤੱਕ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਫਿਰੋਜ਼ਪੁਰ ਛਾਉਣੀ ਸਥਿਤ ਕੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ ‘ਸਿਹਤਮੰਦ ਉਮਰ ਲਈ ਯੋਗ’ ਰੱਖਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਵੱਖ-ਵੱਖ ਵਿਭਾਗਾਂ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ ਅਤੇ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੁਪਿੰਦਰਦੀਪ ਕੌਰ ਗਿੱਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਸਵੇਰੇ ਕੈਂਟ ਬੋਰਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਅਪਣਾਉਣ ਨਾਲ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਊਣ ਵਿਚ ਮਦਦ ਮਿਲਦੀ ਹੈ ਅਤੇ ਯੋਗ ਦਿਵਸ ਮਨਾਉਣ ਦਾ ਮੰਤਵ ਇਸ ਦੇ ਸਰੀਰਕ ਤੇ ਮਾਨਸਿਕ ਲਾਭਾਂ ਬਾਰੇ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਕਾਰਨਾ ਹੈ।