ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਕੜੀ ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ’ਤੇ ਹਲਕੇ ਦੇ ਪਿੰਡ ਅਭੁੱਨ ਤੋਂ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਉਚੇਚੇ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਸਨ। ਯਾਤਰਾ ਨੂੰ ਰਵਾਨਾ ਕਰਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਦੁਰਗਿਆਨਾ ਮੰਦਿਰ, ਇਤਿਹਾਸਕ ਜੱਲਿਆਂਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਹੋਰ ਕਈ ਪ੍ਰਮੁੱਖ ਗੁਰੂ ਧਾਮਾਂ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਨਤਮਸਤਕ ਹੋਣਗੀਆਂ। ਵਿਧਾਇਕ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਸੀ ਕਿ ਬਜ਼ੁਰਗ ਅਵਸਥਾ ਜਾਂ ਆਰਥਿਕ ਤੰਗੀ ਕਾਰਨ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹੋਏ ਵੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਮਾਨ ਸਰਕਾਰ ਦੀ ਇਸ ਸਕੀਮ ਨੇ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਇਸ ਮੁਫ਼ਤ ਯਾਤਰਾ ਦਾ ਲਾਹਾ ਲੈ ਚੁੱਕੇ ਹਨ। ਅੱਜ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਅੰਦਰ ਵੀ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਸੰਗਤਾਂ ਵੱਲੋਂ ਸਰਕਾਰ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਵਿਧਾਇਕ ਸਵਨਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਦੀ ਸਹੂਲਤ ਦਾ ਵਿਸ਼ੇਸ਼ ਖ਼ਿਆਲ ਰੱਖਿਆ ਗਿਆ ਹੈ। ਸ਼ਰਧਾਲੂਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ-ਪਾਣੀ, ਉੱਚ ਪੱਧਰੀ ਖਾਣੇ ਅਤੇ ਰਾਤ ਦੇ ਠਹਿਰਨ ਦਾ ਸਮੁੱਚਾ ਪ੍ਰਬੰਧ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਸਫ਼ਰ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।