ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤ ਨੂੰ ਪੋਲੀਓ ਮੁਕਤ ਰੱਖਣ ਦੇ ਉਦੇਸ਼ ਨਾਲ 28, 29 ਅਤੇ 30 ਜੂਨ ਨੂੰ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਲੱਸ ਪੋਲੀਓ ਮੁਹਿੰਮ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਹਰ ਯੋਗ ਬੱਚੇ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ ਅਤੇ ਇਸ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਾ.ਵਿਵੇਕ ਰਜੋਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ.ਸ਼ਾਇਨਾ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਪਲੱਸ ਪੋਲੀਓ ਮੁਹਿੰਮ ਸਬੰਧੀ ਵਿਸਥਾਰਪੂਰਵਕ ਦੱਸਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਟੀਮਾਂ ਦੀ ਤਾਇਨਾਤੀ, ਉੱਚ ਜੋਖ਼ਮ ਵਾਲੇ ਖੇਤਰਾਂ ਦੀ ਕਵਰੇਜ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਸਾਂਝੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 5 ਸਾਲ ਤੱਕ ਉਮਰ ਵਰਗ ਦੇ 97580 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸਫਲਤਾ ਲਈ ਜ਼ਿਲ੍ਹੇ ਵਿਚ 653 ਬੂਥ, 2342 ਹਾਊਸ-ਟੂ-ਹਾਊਸ ਟੀਮਾਂ ਦੇ ਮੈਂਬਰ, ਮੋਬਾਈਲ ਟੀਮਾਂ 19 ਅਤੇ 24 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਉੱਚ ਜੋਖ਼ਮ ਵਾਲੇ ਖੇਤਰਾਂ ਵਿਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿੱਥੇ ਬੱਚਿਆਂ ਦੀ 100 ਫ਼ੀਸਦੀ ਕਵਰੇਜ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਮੀਨਾਕਸ਼ੀ ਢੀਂਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲੱਸ ਪੋਲੀਓ ਮੁਹਿੰਮ ਦੌਰਾਨ ਆਪਣੇ 5 ਸਾਲ ਤੱਕ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਜ਼ਿਲ੍ਹੇ ਵਿਚ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ।