ਗੁਰੂਹਰਸਹਾਏ, 27 ਜੂਨ (ਕਪਿਲ ਕੰਧਾਰੀ)-5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ। ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਚੋਣ ਮੈਦਾਨ ਵਿਚ ਕੁੱਲ 69 ਉਮੀਦਵਾਰ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਸ਼ੁਰੂਆਤੀ ਤੌਰ ’ਤੇ ਕੁੱਲ 99 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਸਕਰੂਟਨੀ ਦੌਰਾਨ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਅੱਜ ਨਾਮਜ਼ਦਗੀ ਵਾਪਸ ਲੈਣ ਦੇ ਆਖ਼ਰੀ ਦਿਨ 27 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਇਸ ਤਰ੍ਹਾਂ ਹੁਣ ਕੁੱਲ 69 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਮੈਦਾਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ-ਨਾਲ ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਵਿਚ ਕਾਂਗਰਸ ਦੇ 15, ਸ਼੍ਰੋਮਣੀ ਅਕਾਲੀ ਦਲ ਦੇ 15, ਆਮ ਆਦਮੀ ਪਾਰਟੀ ਦੇ 15, ਭਾਰਤੀ ਜਨਤਾ ਪਾਰਟੀ ਦੇ 14 ਅਤੇ 10 ਆਜ਼ਾਦ ਉਮੀਦਵਾਰ ਸ਼ਾਮਲ ਹਨ। ਭਾਜਪਾ ਦੇ ਇਕ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਸਕਰੂਟਨੀ ਦੌਰਾਨ ਰੱਦ ਹੋਣ ਕਾਰਨ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ 14 ਰਹਿ ਗਈ ਹੈ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 5 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਹੁਣ ਚੋਣ ਪ੍ਰਚਾਰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਉਮੀਦਵਾਰ ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਲਈ ਸਰਗਰਮ ਹੋ ਗਏ ਹਨ।