ਫਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ)-ਪਿਛਲੇ ਸਾਲ ਆਏ ਹੜ੍ਹਾਂ ਕਾਰਨ ਫਿਰੋਜ਼ਪੁਰ ਦੇ ਸਰਹੱਦੀ ਅਤੇ ਦਰਿਆਈ ਪਿੰਡਾਂ ਵਿਚ ਹੋਈ ਭਾਰੀ ਤਬਾਹੀ, ਫ਼ਸਲਾਂ ਦੇ ਨੁਕਸਾਨ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਦਰਿਆਈ ਇਲਾਕਿਆਂ ਦੀ ਸੁਰੱਖਿਆ ਲਈ ਕੋਈ ਠੋਸ ਉਪਰਾਲਾ ਨਾ ਹੋਣ ਕਾਰਨ ਲੋਕਾਂ ਵਿਚ ਚਿੰਤਾ ਬਣੀ ਹੋਈ ਸੀ। ਅਜਿਹੇ ਹਾਲਾਤਾਂ ਵਿਚ ਯੂਨਾਈਟਿਡ ਸਿੱਖ ਸੰਸਥਾ ਨੇ ਪਹਿਲ ਕਰਦਿਆਂ ਸਤਲੁਜ ਦਰਿਆ ਦੇ ਕਮਜ਼ੋਰ ਕੰਢਿਆਂ ਅਤੇ ਨੋਚਾਂ ਨੂੰ ਮਜ਼ਬੂਤ ਕਰਨ ਦਾ ਕਾਰਜ ਆਪਣੇ ਪੱਧਰ ’ਤੇ ਸ਼ੁਰੂ ਕੀਤਾ। ਸੰਸਥਾ ਦੀ ਇਸ ਪਹਿਲ ਤੋਂ ਬਾਅਦ ਸਬੰਧਤ ਸਰਕਾਰੀ ਵਿਭਾਗ ਵੀ ਹਰਕਤ ਵਿਚ ਆਇਆ ਅਤੇ ਸੁਰੱਖਿਆ ਕਾਰਜਾਂ ਨੂੰ ਗਤੀ ਮਿਲੀ। ਇਸੇ ਕੜੀ ਤਹਿਤ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਹੱਦੀ ਪਿੰਡ ਟੇਂਡੀ ਵਾਲਾ ਵਿਖੇ ਸਤਲੁਜ ਦਰਿਆ ਦੇ ਕੰਢਿਆਂ ’ਤੇ ਚੱਲ ਰਹੇ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ’ਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਦੇਖਦਿਆਂ ਦਰਿਆਈ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਯੂਨਾਈਟਿਡ ਸਿੱਖ ਸੰਸਥਾ ਵਲੋਂ ਕੀਤੀ ਗਈ ਸਮਾਜ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਅਜਿਹਾ ਸਹਿਯੋਗ ਲੋਕ ਹਿੱਤ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਣਗੇ। ਸਥਾਨਕ ਲੋਕਾਂ ਨੇ ਵੀ ਉਮੀਦ ਜਤਾਈ ਕਿ ਯੂਨਾਈਟਿਡ ਸਿੱਖ ਸੰਸਥਾ ਦੀ ਪਹਿਲ ਅਤੇ ਉਸ ਤੋਂ ਬਾਅਦ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਇਹ ਕੰਮ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਸਰਹੱਦੀ ਪਿੰਡਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਕਾਫ਼ੀ ਹੱਦ ਤੱਕ ਸੁਰੱਖਿਅਤ ਰੱਖਣ ਵਿਚ ਸਹਾਇਕ ਸਾਬਤ ਹੋਣਗੇ।