ਫ਼ਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਪੁਲਿਸ ਵਲੋਂ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਐਕਾਈ ਮਲਟੀ ਸਪੈਸ਼ਲਿਟੀ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਮੁਫ਼ਤ ਯੂਰੋਲੋਜੀ, ਕਿਡਨੀ, ਯੂਰੋ-ਕੈਂਸਰ ਅਤੇ ਜਨਰਲ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ।ਕੈਂਪ ਤੋਂ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਪ੍ਰੋਸਟੇਟ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਅੰਗਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਾਕਾਥੌਨ ਕੱਢਿਆ ਗਿਆ। ਇਸ ਦੌਰਾਨ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਦਾ ਸੰਦੇਸ਼ ਦਿੱਤਾ ਗਿਆ।ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਾਏ ਇਸ ਸਿਹਤ ਕੈਂਪ ਦਾ ਮੁੱਖ ਸੰਦੇਸ਼ “ਸਮੇਂ ਸਿਰ ਜਾਂਚ, ਬਿਹਤਰ ਇਲਾਜ ਤੇ ਤੰਦਰੁਸਤ ਜੀਵਨ ਅਪਣਾਓ” ਰਿਹਾ। ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਨੇ ਯੂਰੋਲੋਜੀ, ਕਿਡਨੀ ਰੋਗਾਂ, ਯੂਰੋ-ਕੈਂਸਰ ਅਤੇ ਆਮ ਸਿਹਤ ਨਾਲ ਸਬੰਧਤ ਜਾਂਚਾਂ ਕਰਕੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਕਰਮਚਾਰੀ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖਣਾ ਵੀ ਉਤਨਾ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪਾਂ ਰਾਹੀਂ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਸਮੇਂ ਸਿਰ ਸਿਹਤ ਜਾਂਚ ਦੀ ਸਹੂਲਤ ਮਿਲਦੀ ਹੈ, ਜਿਸ ਨਾਲ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਸੰਭਵ ਹੋ ਸਕਦਾ ਹੈ। ਉਨ੍ਹਾਂ ਐਕਾਈ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਟੀਮ ਦਾ ਇਸ ਲੋਕ ਭਲਾਈ ਉਪਰਾਲੇ ਲਈ ਧੰਨਵਾਦ ਵੀ ਕੀਤਾ।ਆਈਕਾਈ ਮਲਟੀਸਪੈਸ਼ਲਿਟੀ ਹਸਪਤਾਲ ਦੇ ਚੇਅਰਮੈਨ ਅਤੇ ਪ੍ਰਸਿੱਧ ਯੂਰੋਲੋਜਿਸਟ, ਰੋਬੋਟਿਕ ਅਤੇ ਕਿਡਨੀ ਟਰਾਂਸਪਲਾਂਟ ਸਰਜਨ ਡਾ. ਬਲਦੇਵ ਸਿੰਘ ਔਲਖ ਨੇ ਕਿਹਾ ਕਿ ਹਸਪਤਾਲ ਦਾ ਉਦੇਸ਼ ਮਰੀਜ਼ਾਂ ਦੇ ਹਸਪਤਾਲ ਆਉਣ ਦੀ ਉਡੀਕ ਕਰਨ ਦੀ ਬਜਾਏ ਉੱਚ ਪੱਧਰੀ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਡਾਕਟਰਾਂ ਦੀ ਟੀਮ ਵਲੋਂ ਗੁਰਦਿਆਂ ਦੀਆਂ ਬਿਮਾਰੀਆਂ, ਯੂਰੋਲੋਜੀ ਸੰਬੰਧੀ ਰੋਗਾਂ, ਯੂਰੋ ਕੈਂਸਰ ਅਤੇ ਹੋਰ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਕੇ ਸਮੇਂ ਸਿਰ ਇਲਾਜ ਸੰਭਵ ਬਣਾਇਆ ਜਾ ਸਕਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਸਾਂਝੀਆਂ ਪਹਿਲਕਦਮੀਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤਾਂ ਜੋ ਪੁਲਿਸ ਫੋਰਸ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।