ਗੁਰੂਹਰਸਹਾਏ, 1 ਜੁਲਾਈ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਪਿਛਲੇ ਦਿਨਾਂ ਦੌਰਾਨ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰੀਬ 22 ਘੰਟਿਆਂ ਤੱਕ ਬਿਜਲੀ ਬੰਦ ਰਹਿਣ ਤੋਂ ਬਾਅਦ ਸਪਲਾਈ ਬਹਾਲ ਹੋਈ। ਜਿਸ ਨਾਲ ਲੋਕਾਂ ਨੇ ਕੁੱਝ ਰਾਹਤ ਮਹਿਸੂਸ ਕੀਤੀ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਕਰੀਬ 7 ਵਜੇ ਸ਼ਹਿਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਗਈ ਸੀ, ਜੋ ਮੰਗਲਵਾਰ ਸਵੇਰੇ ਕਰੀਬ ਸਵੇਰੇ 5 ਵਜੇ ਦੇ ਕਰੀਬ ਬਹਾਲ ਹੋ ਸਕੀ। ਲੰਬੇ ਬਿਜਲੀ ਕੱਟ ਕਾਰਨ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਵਿਚ ਲੱਗੇ ਇਨਵਰਟਰ ਅਤੇ ਬੈਟਰੀਆਂ ਵੀ ਜਵਾਬ ਦੇ ਗਏ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ। ਪੁਰਾਣੇ ਬੱਸ ਸਟੈਂਡ ਦੇ ਦੁਕਾਨਦਾਰ ਅਤੇ ਸਮਾਜ ਸੇਵੀ ਜਿੰਮੀ ਮਨਚੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਧੂ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਅੱਜ ਵੀ ਸ਼ਹਿਰ ਵਿਚ ਵਾਰ-ਵਾਰ ਅਤੇ ਲੰਬੇ ਸਮੇਂ ਦੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਦੁਕਾਨਦਾਰ, ਫ਼ੈਕਟਰੀ ਮਾਲਕ, ਕੋਲਡ ਸਟੋਰ ਅਤੇ ਹੋਰ ਕਾਰੋਬਾਰੀ ਵਰਗ ਪ੍ਰਭਾਵਿਤ ਹੋ ਰਹੇ ਹਨ। ਸ਼ਹਿਰ ਵਾਸੀਆਂ ਨੇ ਕਿਹਾ ਕਿ ਅੱਤ ਦੀ ਗਰਮੀ ਦੇ ਮੌਸਮ ਵਿਚ ਲਗਾਤਾਰ ਬਿਜਲੀ ਕੱਟਾਂ ਕਾਰਨ ਘਰਾਂ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਲੋਕਾਂ ਨੇ ਮੰਗ ਕੀਤੀ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਵਿਭਾਗ ਵਲੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।