ਜਲਾਲਾਬਾਦ, 3 ਜੁਲਾਈ (ਜਤਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਜਲਾਲਾਬਾਦ ਜੋ ਕਿ 5 ਜੁਲਾਈ ਨੂੰ ਹੋ ਰਹੀਆਂ ਹਨ, ਦੇ ਪ੍ਰਚਾਰ ਦੇ ਅੰਤਿਮ ਦਿਨ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਸ਼ਹਿਰ ਵਿਚ ਰੋਡ ਸ਼ੋਅ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ। ਰੋਡ ਸੌ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਰੋਧੀ ਪਾਰਟੀਆਂ ’ਤੇ ਕਰਾਰਾ ਹਮਲਾ ਕੀਤਾ ਅਤੇ ਆਪਣੀ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਸਾਹਮਣੇ ਮਜ਼ਬੂਤੀ ਨਾਲ ਰੱਖਿਆ। ਵਿਧਾਇਕ ਗੋਲਡੀ ਕੰਬੋਜ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਵਿਚ ਜਨਤਾ ਦੀ ਤਾਕਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਲਾਲਾਬਾਦ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਿਸੇ ਦੀ ਗ਼ੁਲਾਮੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਲੋਕ ਨਗਰ ਕੌਂਸਲ ਦੀ ਸੱਤਾ ’ਤੇ ਕਾਬਜ਼ ਸਨ, ਉਹ ਹੁਣ ਚੋਣਾਂ ਦੇ ਸਮੇਂ ਹੀ ਨਜ਼ਰ ਆਉਂਦੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਭਾਸ਼ਣ ਦੌਰਾਨ ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਮ ਲਏ ਬਿਨਾਂ ਉਨ੍ਹਾਂ ’ਤੇ ਤੰਜ ਕੱਸਿਆ। ਉਨ੍ਹਾਂ ਇਕ ਪੱਤਰਕਾਰ ਦੇ ਸਵਾਲ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਤੋਂ ਪੰਜ ਸਾਲ ਪਹਿਲਾਂ ਉਨ੍ਹਾਂ ਦੀ ਗੱਡੀ ’ਤੇ ਹੋਈ ਗੋਲ਼ੀਬਾਰੀ ਦੀ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਨੂੰ ਪੁਰਾਣੀ ਗੱਲ ਦੱਸ ਕੇ ਪੱਲਾ ਝਾੜ ਲਿਆ। ਵਿਧਾਇਕ ਗੋਲਡੀ ਕੰਬੋਜ ਨੇ ਜਨਤਾ ਨੂੰ ਕਿਹਾ ਕਿ ਹੁਣ ਤੁਹਾਨੂੰ ਵੀ ਅਜਿਹੇ ਹੀ ਜਵਾਬ ਦੇਣ ਦੀ ਲੋੜ ਹੈ ਅਤੇ ਇਹਨਾਂ ਲੋਕਾਂ ਤੋਂ ਹਿਸਾਬ ਮੰਗਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਉਪ-ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਵਿਚਕਾਰ ਹੋਈ ਕਥਿਤ ਗੰਢ-ਤੁਪ ਅਤੇ ਦਲਾਲੀ ’ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਹੁਣ ਜਨਤਾ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਨਗਰ ਕੌਂਸਲ ਚੋਣਾਂ ਵਿਚ ਉਮੀਦਵਾਰਾਂ ਅਤੇ ਪ੍ਰਚਾਰ ਦੀ ਚਰਚਾ ਕਰਦਿਆਂ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਵਾਰਡ ਵਿਚ ਮਜ਼ਬੂਤੀ ਨਾਲ ਆਪਣੇ ਉਮੀਦਵਾਰ ਉਤਾਰੇ ਹਨ ਅਤੇ ਕਿਸੇ ਨੂੰ ਵੀ ਡਰਾਉਣ ਜਾਂ ਧਮਕਾਉਣ ਦੀ ਕੋਸ਼ਿਸ਼ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਨਿਰਪੱਖ ਹੋਣੀਆਂ ਚਾਹੀਦੀਆਂ ਹਨ। ਨਾਲ ਹੀ ਉਨ੍ਹਾਂ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਜਨਤਾ ਦੇ ਖਾਤਿਆਂ ਵਿਚ ਸਿੱਧੇ ਪੈਸੇ ਭੇਜੇ ਹਨ ਅਤੇ ਲੋਕ ਖ਼ੁਦ ਦੱਸ ਰਹੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੋਂ ਲਾਭ ਮਿਲਿਆ ਹੈ। ਵਿਧਾਇਕ ਗੋਲਡੀ ਕੰਬੋਜ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਵੀ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਜੋ ਦੁਕਾਨਾਂ ਦਹਾਕਿਆਂ ਤੋਂ ਮਾਲਕਾਨਾ ਹੱਕ ਦੀ ਉਡੀਕ ਕਰ ਰਹੀਆਂ ਸਨ, ਹੁਣ ਉਨ੍ਹਾਂ ਨੂੰ ਜਲਦੀ ਹੀ ਮਾਲਕਾਨਾ ਹੱਕ ਦਿਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿੱਤਾ ਕਿ ਨਗਰ ਕੌਂਸਲ ਦੀ ਅਗਲੀ ਮੀਟਿੰਗ ਵਿਚ ਉਹ ਇਸ ਸਬੰਧੀ ਪਹਿਲਾ ਮਤਾ ਪੇਸ਼ ਕਰਨਗੇ। ਉਨ੍ਹਾਂ ਆਪਣੇ ਸਮਰਥਕਾਂ ਨੂੰ ਪੂਰੀ ਮਜ਼ਬੂਤੀ ਨਾਲ ਵੋਟ ਪਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਲਾਲਾਬਾਦ ਵਿਚ ਇਸ ਵਾਰ ਵਿਕਾਸ ਅਤੇ ਬਦਲਾਅ ਦੀ ਲਹਿਰ ਹੈ। ਉਨ੍ਹਾਂ ਅੰਤ ਵਿਚ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਲਾਲਾਬਾਦ ਵਿਚ ਕੇਵਲ ਵਿਕਾਸ ਕਾਰਜ ਹੋਣਗੇ ਅਤੇ ਜਨਤਾ ਦਾ ਪਿਆਰ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।