ਤਲਵੰਡੀ ਭਾਈ, 3 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਵਾਰ ਫੇਰ ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਲਈ ਹੈ। ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਪਾਲਿਸੀ ’ਚ ਸੋਧਾਂ ਦਾ ਭਰਮ ਭੁਲੇਖਾ ਪਾ ਕੇ ਥੋੜੇ ਜਿਹੇ ਵਾਧੇ ਨਾਲ ਲੈਂਡ ਪੁਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਕਰ ਲਿਆ ਹੈ। ਜਿਸ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਡੱਟਕੇ ਵਿਰੋਧ ਕੀਤਾ ਜਾਵੇਗਾ। ਬੱਬੀ ਫ਼ਿਰੋਜ਼ਸ਼ਾਹ ਨੇ ਕਿਹਾ ਕਿ ਇਸ ਪਾਲਿਸੀ ਬਾਰੇ ਨਾ ਤਾਂ ਕਿਸੇ ਕਿਸਾਨ ਜਥੇਬੰਦੀ ਨਾਲ, ਨਾ ਹੀ ਖੇਤੀ ਮਾਹਿਰਾਂ ਨਾਲ ਅਤੇ ਨਾ ਹੀ ਜ਼ਮੀਨਾਂ ਦੇ ਮਾਲਕਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਪਾਲਿਸੀ ਨੂੰ ਮੁੱਢੋਂ ਰੱਦ ਕਰਕੇ ਕਿਸਾਨ ਵਿਰੋਧੀ ਨੀਤੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।