ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਅਤੇ ਪੰਜਾਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਕੇ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਆਪਣਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਪੱਖੋਂ ਬਹੁਤ ਵੱਡੀ ਰਾਹਤ ਮਿਲੇਗੀ। ਅਰੁਣ ਨਾਰੰਗ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਦੇ ਤਮਾਮ ਪਿੰਡਾਂ ਵਿਚ ਵੱਖ-ਵੱਖ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਚੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਪਹਿਲਾਂ-ਪਹਿਲਾਂ ਹਲਕੇ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਵੀ ਕੀਤੀ ਗਈ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।