ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ)-ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਸਟੇਟ ਕਰਮਚਾਰੀ ਦਲ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਯੂਨੀਅਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਨੇ ਕੀਤੀ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਬਲਵੀਰ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਅਤੇ ਪੈਨਸ਼ਨਰ ਆਗੂ ਕਿਸ਼ਨ ਚੰਦ ਜਾਗੋਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਸਗੋਂ ਸੰਘਰਸ਼ਾਂ ਰਾਹੀਂ ਹਾਸਲ ਕੀਤੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਪੈਟਰਨ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇ, ਪੈਨਸ਼ਨ 2.45 ਦੀ ਬਜਾਏ 2.59 ਦੇ ਗੁਣਾਂਕ ਅਨੁਸਾਰ ਸੋਧੀ ਜਾਵੇ, ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਫ਼ਿਰੋਜ਼ਪੁਰ ਤੋਂ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ। ਇਸ ਮੌਕੇ ਰਣਬੀਰ ਸਿੰਘ ਕੁੱਕੂ, ਖਜਾਨ ਸਿੰਘ, ਰੁਲੀਆਂ ਸਿੰਘ, ਕੇਵਲ ਸਿੰਘ, ਜੀਤ ਸਿੰਘ, ਜਸਪਾਲ ਸਿੰਘ ਮੱਲਵਾਲ, ਮੰਗਲ ਸਿੰਘ, ਮਹਿੰਦਰ ਸਿੰਘ ਮਲੂਕਾ, ਗੁਰਮੇਸ਼ ਸਿੰਘ, ਰਾਜੇਸ਼ ਕੁਮਾਰ, ਓਮ ਪ੍ਰਕਾਸ਼ ਅਤੇ ਸਵਰਨ ਸਿੰਘ ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।