ਮੱਖੂ, 7 ਜੁਲਾਈ (ਵਰਿੰਦਰ ਮਨਚੰਦਾ)-ਓ.ਟੀ.ਟੀ. ਪਲੇਟਫ਼ਾਰਮ ਜ਼ੀ-5 ਵਲੋਂ ਪ੍ਰਸਿੱਧ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ (ਜਿਸ ਨੂੰ ‘ਸਤਲੁਜ’ ਵਜੋਂ ਵੀ ਚਰਚਾ ਵਿਚ ਲਿਆਂਦਾ ਗਿਆ) ਨੂੰ ਆਪਣੇ ਪਲੇਟਫ਼ਾਰਮ ਤੋਂ ਹਟਾਉਣ ਅਤੇ ਇਸ ਦੇ ਅਧਿਕਾਰ ਵੇਚਣ ਦੇ ਫ਼ੈਸਲੇ ’ਤੇ ਡੂੰਘੀ ਚਿੰਤਾ ਅਤੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਜ਼-5 ਦੇ ਇਸ ਕਦਮ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਅਤੇ ਪੰਜਾਬ ਦੇ ਇਤਿਹਾਸਕ ਸੱਚ ਨੂੰ ਦਬਾਉਣ ਦੀ ਇਕ ਹੋਰ ਕੋਸ਼ਿਸ਼ ਕਰਾਰ ਦਿੱਤਾ ਹੈ। ਪੀਰ ਮੁਹੰਮਦ ਨੇ ਆਖਿਆ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਹੈ। ਅਜਿਹੀ ਇਤਿਹਾਸਕ ਅਤੇ ਸੰਵੇਦਨਸ਼ੀਲ ਫ਼ਿਲਮ ਨੂੰ ਦਰਸ਼ਕਾਂ ਤੱਕ ਪਹੁੰਚਣ ਤੋਂ ਰੋਕਣਾ ਪੰਜਾਬ ਦੇ ਕਾਲੇ ਦੌਰ ਦੇ ਸੱਚ ਨੂੰ ਜਨਤਕ ਹੋਣ ਤੋਂ ਰੋਕਣ ਵਰਗਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਫ਼ਿਲਮ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਬੇਲੋੜੀ ਸੈਂਸਰਸ਼ਿਪ ਦੇ ਦਰਸ਼ਕਾਂ ਦੇ ਸਾਹਮਣੇ ਲਿਆਂਦਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਗੁਰਮੁਖ ਸਿੰਘ ਸੰਧੂ, ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ ਆਦਿ ਹਾਜ਼ਰ ਸਨ।