ਫ਼ਿਰੋਜ਼ਪੁਰ, 7 ਜੁਲਾਈ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੀ ਬਿਨਾਅ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸ ਦੌਰਾਨ ਸੀ.ਆਰ.ਪੀ.ਐੱਫ ਗਰਾਊਂਡ, ਫ਼ਿਰੋਜ਼ਪੁਰ ਨੇੜੇ ਸੰਜੂ ਉਰਫ਼ ਆਡੀ ਪੁੱਤਰ ਸੁਰਜੀਤ ਸਿੰਘ ਵਾਸੀ ਪੱਲਾ ਮੇਘਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਮੁਲਜ਼ਮ ਖ਼ਿਲਾਫ਼ ਧਾਰਾ 21, 61 ਅਤੇ 85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।