ਫਿਰੋਜ਼ਪੁਰ, 7 ਜੁਲਾਈ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਚੋਰੀਸ਼ੁਦਾ ਮੋਟਰਸਾਈਕਲ ਅਤੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ। ਸਿਟੀ ਥਾਣਾ ਦੇ ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਗੌਤਮ ਉਰਫ਼ ਕਾਲੀ, ਸੰਨੀ, ਪਿੱਪਲ ਅਤੇ ਛਿੰਦਰ ਮੋਟਰਸਾਈਕਲ ਚੋਰੀ ਕਰਨ ਅਤੇ ਰਾਹਗੀਰਾਂ ਤੋਂ ਮੋਬਾਈਲ ਫੋਨ ਅਤੇ ਪਰਸ ਖੋਹਣ ਦੇ ਆਦੀ ਹਨ। ਸੂਚਨਾ ਦੇ ਆਧਾਰ ’ਤੇ ਸਿਟੀ ਥਾਣਾ ਦੇ ਐਸ.ਐਚ.ਓ ਸੁਖਚੈਨ ਮਹਿਤਾ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੌਤਮ ਉਰਫ਼ ਕਾਲੀ ਪੁੱਤਰ ਵਿੱਕੀ, ਸੰਨੀ ਪੁੱਤਰ ਜਿੰਦਰ ਉਰਫ਼ ਬੱਬਲ ਵਾਸੀ ਇੰਦਰਾ ਕਾਲੋਨੀ ਫਿਰੋਜ਼ਪੁਰ ਸ਼ਹਿਰ, ਪਿੱਪਲ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਛਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਢਾਣੀ ਗਣੇਸ਼ ਵਾਲੀ, ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਚੋਰੀਸ਼ੁਦਾ ਮੋਟਰਸਾਈਕਲ ਅਤੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ। ਡੀ.ਐਸ.ਪੀ. ਨੇ ਦੱਸਿਆ ਕਿ ਗੌਤਮ ਉਰਫ਼ ਕਾਲੀ ਖ਼ਿਲਾਫ਼ ਪਹਿਲਾਂ ਵੀ ਥਾਣਾ ਕੈਂਟ ਵਿਚ ਤਿੰਨ ਮੁਕੱਦਮੇ ਦਰਜ ਹਨ। ਸੰਨੀ ਖ਼ਿਲਾਫ਼ ਥਾਣਾ ਸਦਰ ਵਿਚ ਇਕ ਮੁਕੱਦਮਾ ਦਰਜ ਹੈ। ਜਦਕਿ ਪਿੱਪਲ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਮੁਕੱਦਮੇ ਦਰਜ ਹਨ। ਜਿਨ੍ਹਾਂ ਵਿਚੋਂ ਇਕ ਫਿਰੋਜ਼ਪੁਰ ਅਤੇ ਦੂਜਾ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਗਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ ਅਤੇ ਹੋਰ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਸਕੇ।