ਮੁੱਦਕੀ, 8 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਗਈਆਂ ਗਰੰਟੀਆਂ ’ਤੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ’ਚ ਸਹਾਇਤਾ ਰਾਸ਼ੀ ਭੇਜ ਕੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਯੋਜਨਾ ਨੂੰ ਲਾਗੂ ਕਰਕੇ ਸਰਕਾਰ ਨੇ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਕੁਲਦੀਪ ਸਿੰਘ ਨਾਗੀ ਹਲਕਾ ਇੰਚਾਰਜ ਮੈਡੀਕਲ ਵਿੰਗ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਦਿਹਾਤੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ਵਿਚ ਰਾਸ਼ੀ ਪਾਉਣ ਦੀ ਸ਼ੁਰੂਆਤ ਕਰਨ ਨਾਲ ਵਿਰੋਧੀ ਪਾਰਟੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੋਚਣ ਲਈ ਮਜਬੂਰ ਕਰ ਦਿੱਤਾ ਹੈ।