ਗੁਰੂਹਰਸਹਾਏ, 8 ਜੁਲਾਈ (ਕਪਿਲ ਕੰਧਾਰੀ)-ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਜਾਰੀ ਤਬਾਦਲਾ ਹੁਕਮਾਂ ਤੋਂ ਬਾਅਦ ਸਹਾਇਕ ਖ਼ੁਰਾਕ ਸਪਲਾਈ ਅਫਸਰ ਏ.ਐਫ਼.ਐਸ.ਓ ਸੋਨਾ ਸਿੰਘ ਨੇ ਗੁਰੂਹਰਸਹਾਏ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗੀ ਹੁਕਮਾਂ ਅਨੁਸਾਰ ਸੋਨਾ ਸਿੰਘ ਨੂੰ ਫਿਰੋਜ਼ਪੁਰ ਤੋਂ ਤਬਦੀਲ ਕਰਕੇ ਗੁਰੂਹਰਸਹਾਏ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੰਟਰੋਲਰ, ਖ਼ੁਰਾਕ ਸਪਲਾਈ, ਗੁਰੂਹਰਸਹਾਏ ਦੇ ਦਫ਼ਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਦਫਤਰ ਵਿਖੇ ਪਹੁੰਚਣ ’ਤੇ ਸਮੂਹ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਸੋਨਾ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਨਤਕ ਵੰਡ ਪ੍ਰਣਾਲੀ ਪੀ.ਡੀ.ਐਸ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਯੋਗ ਲਾਭਪਾਤਰੀਆਂ ਨੂੰ ਖ਼ੁਰਾਕ ਸਪਲਾਈ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਵਿਭਾਗੀ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਕੀ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮੇਂ-ਸਮੇਂ ’ਤੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਬਦਲੀਆਂ ਕੀਤੀਆਂ ਜਾਂਦੀਆਂ ਹਨ।