ਫ਼ਿਰੋਜ਼ਪੁਰ, 9 ਜੁਲਾਈ (ਸੁਖਵਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ਕਨੈਕਟ ਪੰਜਾਬ ਪੋਰਟਲ ਦੇ ਵਾਰ ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਅਤੇ ਲੋਕ ਖੱਜਲ ਖਵਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜ਼ੀਟਲ ਰਾਜ ਪ੍ਰਬੰਧ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸੰਬੰਧਿਤ ਸੇਵਾਵਾਂ ਅਤੇ ਹੋਰ ਜਰੂਰੀ ਸਰਕਾਰੀ ਦਸਤਾਵੇਜ਼ ਦਾ ਕੰਮ ਠੱਪ ਪਿਆ ਹੈ। ਤਪਦੀ ਗਰਮੀ ਵਿਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂਬੱਧੀ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ, ਪਰ ਆਖਿਰ ਵਿਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ। ਸਰਬਜੀਤ ਬਾਠ ਨੇ ਕਿਹਾ ਕਿ ਇਹ ਸਿਰਫ ਲੋਕਾਂ ਦੇ ਸਮੇਂ ਦੀ ਹੀ ਨਹੀਂ ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ ਕਈ ਲੋਕ ਦੂਰ ਦੁਰਾਡੇ ਇਲਾਕਿਆਂ ਤੋ ਕਿਰਾਇਆ ਖਰਚ ਕੇ ਸੇਵਾ ਕੇਂਦਰ ਤੱਕ ਪਹੁੰਚਦੇ ਹਨ ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਨੈਕਟ ਪੰਜਾਬ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ਤੇ ਦੂਰ ਕੀਤਾ ਜਾਵੇ ।