ਫ਼ਿਰੋਜ਼ਪੁਰ, 10 ਜੁਲਾਈ (ਕੁਲਬੀਰ ਸਿੰਘ ਸੋਢੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ ’ਤੇ 10 ਜੁਲਾਈ ਨੂੰ ਸਮੂਹ ਪੰਜਾਬ ਵਿਚ ‘‘ਬਲੈਕ ਡੇ’’ ਬੜੇ ਰੋਸ, ਗ਼ੁੱਸੇ ਅਤੇ ਜੋਸ਼ ਨਾਲ ਮਨਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕਾਲੇ ਚੋਲ਼ੇ ਅਤੇ ਕਾਲੇ ਸੂਟ ਪਾ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਅਤੇ ਆਕਾਸ਼ ਗੁੰਜਾਓ ਨਾਅਰਿਆਂ ਨਾਲ ਪੂਰਾ ਮਾਹੌਲ ਸਰਕਾਰਾਂ ਵਿਰੋਧੀ ਰੋਸ ਨਾਲ ਗੂੰਜ ਉੱਠਿਆ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਵਰਕਰਾਂ ਅਤੇ ਹੈਲਪਰਾਂ ਨੇ ਤਿੱਖਾ ਗ਼ੁੱਸਾ ਪ੍ਰਗਟ ਕੀਤਾ। ਇਸ ਲੜੀ ਦੇ ਚੱਲਦੇ ਡੀ.ਸੀ. ਦਫਤਰ ਫ਼ਿਰੋਜ਼ਪੁਰ ਵਿਖੇ ਵੀ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸੂਬਾ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਸੰਬੰਧੀ ਐੱਸ.ਡੀ.ਐੱਮ ਨੂੰ ਮੰਗ ਪੱਤਰ ਵੀ ਸੌਂਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਤੇ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਕਈ ਦੌਰ ਦੀਆਂ ਮੀਟਿੰਗਾਂ ਕਰਕੇ ਵੀ ਸਰਕਾਰ ਨੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਤੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਨੇ ਵੀ ਪਿਛਲੇ ਕਈ ਸਾਲਾਂ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਨੂੰ ਨਾ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ, ਨਾ ਪੈਨਸ਼ਨ, ਨਾ ਗ੍ਰੈਚੁਟੀ, ਨਾ ਸਮਾਜਿਕ ਸੁਰੱਖਿਆ, ਨਾ ਬੀਮਾ ਅਤੇ ਨਾ ਹੀ ਸਨਮਾਨਜਨਕ ਮਾਣਮੱਤਾ। ਜਦਕਿ ਪੰਜਾਹ ਸਾਲ ਤੋਂ ਵੱਧ ਸਮੇਂ ਤੋਂ ਦੇਸ਼ ਦੀ ਬੱਚਿਆਂ ਅਤੇ ਮਾਵਾਂ ਦੀ ਸੇਵਾ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਨਾਲ ਇਹ ਘੋਰ ਬੇਇਨਸਾਫ਼ੀ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਅਤੇ ਵਾਅਦਾ-ਖ਼ਿਲਾਫ਼ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ, ਹੋਰ ਵਿਸ਼ਾਲ ਅਤੇ ਹੋਰ ਨਿਰਨਾਇਕ ਬਣਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ ।