ਫ਼ਿਰੋਜ਼ਪੁਰ, 10 ਜੁਲਾਈ (ਗੁਰਿੰਦਰ ਸਿੰਘ) ਨਾਜਾਇਜ਼ ਰੇਤ ਮਾਈਨਿੰਗ ਅਤੇ ਰੇਤ ਦੀ ਕਾਲਾਬਾਜ਼ਾਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਦੁਲਚੀ ਕੇ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਸੁਖਦੇਵ ਸਿੰਘ ਦਰਿਆ ਵਿਚੋਂ ਨਾਜਾਇਜ਼ ਤੌਰ ’ਤੇ ਰੇਤ ਕੱਢ ਕੇ ਟਰੈਕਟਰ-ਟਰਾਲੀ ਵਿਚ ਲੋਡ ਕਰਦਾ ਹੈ ਅਤੇ ਇਸ ਨੂੰ ਅੱਗੇ ਮਹਿੰਗੇ ਭਾਅ ਵੇਚਦਾ ਹੈ। ਸੂਚਨਾ ਅਨੁਸਾਰ ਉਹ ਪਿੰਡ ਕਿਲਚੇ ਤੋਂ ਰੇਤ ਲੈ ਕੇ ਫ਼ਿਰੋਜ਼ਪੁਰ ਸ਼ਹਿਰ ਵੱਲ ਆ ਰਿਹਾ ਸੀ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਦੋਸ਼ੀ ਨੂੰ ਰੇਤ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਦੋਸ਼ੀ ਖ਼ਿਲਾਫ਼ ਮਾਈਨਿੰਗ ਐਕਟ ਦੀ ਧਾਰਾ 21(3) ਅਤੇ ਹੋਰ ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।