ਫ਼ਿਰੋਜ਼ਪੁਰ, 10 ਜੁਲਾਈ (ਗੁਰਿੰਦਰ ਸਿੰਘ)-ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਹਵਾਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਆਰਟੀਏ ਚੌਕ ਫ਼ਿਰੋਜ਼ਪੁਰ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮਹਾਲਮ, ਥਾਣਾ ਆਰਿਫ ਕੇ, ਜ਼ਿਲ੍ਹਾ ਫ਼ਿਰੋਜ਼ਪੁਰ, ਸੀ.ਆਰ.ਪੀ.ਐੱਫ ਗਰਾਊਂਡ ਨੇੜੇ ਹੈਰੋਇਨ ਲੈ ਕੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਤੁਰੰਤ ਛਾਪੇਮਾਰੀ ਕਰਕੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।