ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)-ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਜ਼ਿਲ੍ਹਾ ਲਾਇਬਰੇਰੀ ਦੇ ਸਹਿਯੋਗ ਨਾਲ 20 ਜੁਲਾਈ ਦਿਨ ਸੋਮਵਾਰ ਨੂੰ ਜ਼ਿਲ੍ਹਾ ਲਾਇਬਰੇਰੀ, ਫ਼ਿਰੋਜ਼ਪੁਰ ਵਿਖੇ ਸਵੇਰੇ 10:30 ਵਜੇ ‘ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿਚ ਮੁੱਖ ਬੁਲਾਰਿਆਂ ਵਜੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਭਾਸ਼ਾ ਚਿੰਤਕ ਡਾ. ਰਮੇਸ਼ਵਰ ਸਿੰਘ ਕਟਾਰਾ ਜ਼ਿਲ੍ਹਾ ਲਾਇਬ੍ਰੇਰੀ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣਗੇ। ਪੰਜਾਬੀ ਸੂਬੇ ਦੇ ਇਤਿਹਾਸ, ਪੰਜਾਬੀ ਸੂਬੇ ਵਿਚ ਪੰਜਾਬੀ ਭਾਸ਼ਾ ਦਾ ਮਹੱਤਵ ਅਤੇ ਰਾਜ ਭਾਸ਼ਾ ਐਕਟ ਦੇ ਵਿਭਿੰਨ ਪਹਿਲੂਆਂ ਬਾਰੇ ਇਸ ਸੈਮੀਨਾਰ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਲਾਇਬ੍ਰੇਰੀ ਫ਼ਿਰੋਜ਼ਪੁਰ ਵਿਚ ਲਗਭਗ 100 ਦੇ ਕਰੀਬ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਆਉਂਦੇ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਵੱਖ-ਵੱਖ ਵਿਭਾਗਾਂ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲ ਸਕਦਾ ਹੈ। ਇਸ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ, ਵਰਤਮਾਨ ਅਤੇ ਰਾਜ ਭਾਸ਼ਾ ਐਕਟ ਬਾਰੇ ਵਿਸਥਾਰ ਸਹਿਤ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ।