ਫ਼ਿਰੋਜ਼ਪੁਰ, 20 ਜੁਲਾਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ, ਲੁੱਟ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ (ਰਜਿ) ਪੰਜਾਬ ਦੇ ਵਫ਼ਦ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਮੁਖੀ ਸੁਖਚੈਨ ਮਹਿਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਸਾਇਟੀ ਵਲੋਂ ਉਨ੍ਹਾਂ ਨੂੰ ਤਰੱਕੀ ਉਪਰੰਤ ਥਾਣਾ ਮੁਖੀ ਬਣਨ ’ਤੇ ਸਰੋਪਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਧਾਈ ਵੀ ਦਿੱਤੀ ਗਈ। ਸੁਸਾਇਟੀ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਕਿਹਾ ਕਿ ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਚੋਰੀਆਂ, ਲੁੱਟ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਵਾਰਦਾਤਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਬਲਾਕ ਕੋਆਰਡੀਨੇਟਰ ਅੰਗਰੇਜ਼ ਸਿੰਘ ਕਲਸੀ ਨੇ ਵੀ ਸ਼ਹਿਰ ਦੀ ਕਾਨੂੰਨ-ਵਿਵਸਥਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ’ਤੇ ਥਾਣਾ ਸਿਟੀ ਮੁਖੀ ਸੁਖਚੈਨ ਮਹਿਤਾ ਨੇ ਭਰੋਸਾ ਦਿਵਾਇਆ ਕਿ ਅਪਰਾਧ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਜਾਵੇਗੀ। ਇਸ ਮੌਕੇ ਭਗਵਾਨ ਸਿੰਘ ਦੜਿਆਲਾ, ਸੁਖਮਿੰਦਰ ਸਿੰਘ ਜੱਬਲ, ਹਰਜਿੰਦਰ ਸਿੰਘ ਦੜਿਆਲਾ, ਜਰਨੈਲ ਸਿੰਘ ਗਾਬੜੀਆ, ਗੁਰਮੀਤ ਸਿੰਘ ਗਾਬੜੀਆ, ਕੁਲਦੀਪ ਸਿੰਘ ਸੰਧੂ, ਬਲਵੰਤ ਸਿੰਘ ਸੰਧੂ, ਜਸਵਿੰਦਰ ਸਿੰਘ ਸੰਧੂ ਅਤੇ ਅਮਰ ਸਿੰਘ ਗਾਬੜੀਆ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।