ਫਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਨਗਰ ਕੌਂਸਲ ਫਿਰੋਜ਼ਪੁਰ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਦੋ ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਇਸ ਕਾਰਨ ਹਰ ਪਾਸੇ ਬਦਬੂ ਫੈਲ ਰਹੀ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਰੋਡ ਸਮੇਤ ਕਈ ਥਾਵਾਂ ’ਤੇ ਕੂੜੇ ਦੇ ਢੇਰਾਂ ਵਿਚ ਆਵਾਰਾ ਪਸ਼ੂ ਖ਼ੁਰਾਕ ਦੀ ਭਾਲ ਕਰਦੇ ਨਜ਼ਰ ਆ ਰਹੇ ਹਨ, ਜਿਸ ਨਾਲ ਗੰਦਗੀ ਹੋਰ ਵੱਧ ਰਹੀ ਹੈ। ਮੀਂਹ ਦੇ ਮੌਸਮ ਦੌਰਾਨ ਇਹ ਹਾਲਾਤ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਾ ਰਹੇ ਹਨ। ਵਪਾਰੀਆਂ ਅਤੇ ਸਥਾਨਕ ਵਸਨੀਕਾਂ ਨੇ ਕਿਹਾ ਕਿ ਜੇਕਰ ਜਲਦੀ ਹੜਤਾਲ ਦਾ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਵਿਚ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਕਰਕੇ ਹੜਤਾਲ ਖ਼ਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ ਅਤੇ ਲੋਕਾਂ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ।