ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਸਰਕਾਰ ਦੇ ਸਿਆਸੀ ਪ੍ਰਚਾਰ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਸਿੱਖਿਆ ਸੰਸਥਾਵਾਂ ਨੂੰ ਰਾਜਨੀਤਿਕ ਪ੍ਰਚਾਰ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਹੈ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ, ਪੰਜਾਬ ਵਲੋਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਭੇਜੇ ਜਾ ਰਹੇ ਸਕੂਲ ਬੈਗਾਂ ਅਤੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਭੇਜੀ ਗਈ ਸਮੱਗਰੀ ’ਤੇ ਮੁੱਖ ਮੰਤਰੀ ਦੀ ਤਸਵੀਰ ਛਾਪੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਖ਼ਜ਼ਾਨੇ ਨਾਲ ਖਰੀਦੀ ਗਈ ਸਮੱਗਰੀ ਨੂੰ ਸਿਆਸੀ ਪ੍ਰਚਾਰ ਲਈ ਵਰਤਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਿੱਖਿਆ ਦੇ ਮੂਲ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਚਾਰ ਕੇਂਦਰ ਨਹੀਂ ਬਣਨੇ ਚਾਹੀਦੇ। ਉਨ੍ਹਾਂ ਦੋਸ਼ ਲਗਾਇਆ ਕਿ ਲੋੜ ਅਨੁਸਾਰ ਨਿਯਮਤ ਅਧਿਆਪਕਾਂ ਦੀ ਭਰਤੀ ਨਾ ਹੋਣ ਕਾਰਨ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਅਧਿਆਪਕ ਪਹਿਲਾਂ ਹੀ ਜਨਗਣਨਾ, ਚੋਣਾਂ ਅਤੇ ਹੋਰ ਗੈਰ-ਸਿੱਖਿਅਕ ਕੰਮਾਂ ਵਿਚ ਲਗਾਏ ਜਾਂਦੇ ਰਹੇ ਹਨ, ਜਦਕਿ ਇਸ ਸਮੇਂ 35 ਹਜ਼ਾਰ ਤੋਂ ਵੱਧ ਅਧਿਆਪਕ ਐੱਸ.ਆਈ.ਆਰ. ਦੇ ਕੰਮਾਂ ਵਿਚ ਰੁੱਝੇ ਹੋਏ ਹਨ। ਜੱਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਸਿਆਸੀ ਪ੍ਰਚਾਰ ਦੀ ਬਜਾਏ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਧਿਆਨ ਦੇਵੇ, ਸਕੂਲਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੇ। ਇਸ ਮੌਕੇ ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ ,ਅਮਿਤ ਕੰਬੋਜ਼, ਹੀਰਾ ਸਿੰਘ ਤੂਤ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮ ਜੀਤ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ, ਹਰਵਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।