ਜ਼ੀਰਾ, 21 ਜੁਲਾਈ (ਹਰਜੀਤ ਸਿੰਘ ਗਿੱਲ)-ਮਿਸਲ ਸਤਲੁਜ ਦੇ ਉਮੀਦਵਾਰ ਦਵਿੰਦਰ ਸਿੰਘ ਸੇਖੋਂ ਵਲੋਂ ਪੰਜਾਬ ਸਰਕਾਰ ਦਾ ਵਿਲੱਖਣ ਢੰਗ ਨਾਲ ਵਿਰੋਧ ਕਰਕੇ ਜ਼ੀਰਾ ਸ਼ਹਿਰ ਵਿਚ ਸਫ਼ਾਈ ਸੇਵਕਾਂ ਦੀ ਹਮਾਇਤ ਕੀਤੀ ਗਈ। ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਪੱਖ ਫ਼ਰੰਟ ’ਤੇ ਫ਼ੇਲ੍ਹ ਸਾਬਿਤ ਹੋ ਰਹੀ ਹੈ ਜਿਸ ਵਲੋਂ ਝੂਠੇ ਵਾਅਦਿਆਂ ਰਾਹੀਂ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਸਫ਼ਾਈ ਸੇਵਕਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਬਹੁਤ ਹੀ ਔਖੇ ਅਤੇ ਜੋਖਿਮ ਭਰੇ ਹਾਲਤਾਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦਾ ਹਰ ਪੱਖ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਨਾ ਤਾਂ ਯੋਗ ਤਨਖ਼ਾਹਾਂ ਮਿਲ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਬਣਦੇ ਹੱਕ ਪ੍ਰਾਪਤ ਹੋ ਰਹੇ ਹਨ। ਠੇਕੇਦਾਰੀ ਪ੍ਰਣਾਲੀ ਕਾਰਨ ਵੀ ਕਰਮਚਾਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਅਸੁਰੱਖਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਖੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ ਅਤੇ ਉਨ੍ਹਾਂ ਨੂੰ ਪੱਕੀ ਨੌਕਰੀ, ਵਾਜਬ ਤਨਖ਼ਾਹਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏ। ਇਸ ਦੌਰਾਨ ਮਿਸਲ ਸਤਲੁਜ ਦੇ ਉਮੀਦਵਾਰ ਅਤੇ ਵਰਕਰਾਂ ਨੇ ਕੂੜਾ-ਦਾਨ ਰੂਪੀ ਡੱਬੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ’ਤੇ ਕਿੱਕਲੀ ਲਿਖ ਕੇ ਉਸ ਨੂੰ ਸ਼ਹਿਰ ਦੇ ਕੂੜੇ ਦੇ ਢੇਰ ਕੋਲ ਰੱਖ ਦਿੱਤਾ। ਇਸ ਮੌਕੇ ’ਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਜ਼ੀਰਾ ਦੇ ਪ੍ਰਧਾਨ ਅਸ਼ੋਕ ਕੁਮਾਰ ਆਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਉਨ੍ਹਾਂ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਕੰਗ ਜਿਲ੍ਹਾਂ ਪ੍ਰਧਾਨ ਕਿਸਾਨ ਵਿੰਗ, ਹਰਜਿੰਦਰ ਸਿੰਘ ਸਹੋਤਾ, ਜਤਿੰਦਰ ਸਿੰਘ, ਅੰਮ੍ਰਿਤਪਾਲ ਸਿੰਘ (ਮਾਲਵਾ ਯੂਥ ਪ੍ਰਧਾਨ, ਮਿਸਲ ਸਤਲੁਜ), ਗੁਰਪ੍ਰੇਮ ਸਿੰਘ ਸਕੱਤਰ ਕਿਸਾਨ ਵਿੰਗ, ਜਸਨੂਰ ਸਿੰਘ ਯੂਥ ਸਕੱਤਰ ਫ਼ਿਰੋਜਪੁਰ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ ਗੋਗੋਆਣੀ, ਮਨਦੀਪ ਸਿੰਘ, ਕੰਵਲਜੀਤ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।