ਫ਼ਿਰੋਜ਼ਪੁਰ, 22 ਜੁਲਾਈ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਏਕਤਾ ਡਕੌਦਾ ਬੁਰਜ ਗਿੱਲ, ਬੀਕੇਯੂ ਸਿੱਧੂਪੁਰ, ਬੀਕੇਯੂ ਕਾਦੀਆਂ, ਬੀਕੇਯੂ ਮਾਲਵਾ ਹੀਰਕੇ, ਬੀਕੇਯੂ ਮਾਨਸਾ, ਪੈਨਸ਼ਨਰ ਐਸੋਸੀਏਸ਼ਨ ਪੰਜਾਬ (ਪੀਐੱਸਪੀਸੀਐੱਲ) ਆਦਿ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਅਤੇ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦਿਆਂ ਐੱਸ.ਕੇ.ਐੱਮ ਦੇ ਸੀਨੀਅਰ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਇਸ ਧਰਨੇ ਦੀ ਮੁੱਖ ਮੰਗ ਹੈ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤ ਦੀ ਖੇਤੀ ਦੇ ਨਾਲ ਨਾਲ ਪੂਰੇ ਦੇਸ਼ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਕਿਸਾਨਾਂ ਨੇ ਮੰਗ ਕੀਤੀ ਕਿ ਸਾਰੀਆਂ 23 ਫ਼ਸਲਾਂ ਦੀ ਐੱਮ.ਐੱਸ.ਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਐੱਮ.ਐੱਸ.ਪੀ ਸਵਾਮੀਨਾਥਨ ਫ਼ਾਰਮੂਲਾ ਸੀ-2 + 50 ਪ੍ਰਤੀਸ਼ਤ ਅਨੁਸਾਰ ਤੈਅ ਕੀਤੀ ਜਾਵੇ, ਐੱਮ.ਐੱਸ.ਪੀ ਤੋਂ ਘੱਟ ਖ਼ਰੀਦ ਨੂੰ ਸਜ਼ਾ ਯੋਗ ਅਪਰਾਧ ਐਲਾਨਿਆ ਜਾਵੇ, ਬੀਜ ਬਿੱਲ 2025 ਤੁਰੰਤ ਵਾਪਸ ਲਿਆ ਜਾਵੇ, ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ ਅਤੇ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਰੋਕਿਆ ਜਾਵੇ, ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ, ਕੌਮੀ ਖੇਤੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਨੂੰ ਰੱਦ ਕੀਤਾ ਜਾਵੇ, ਪੰਜਾਬ ਦੇ ਸਮੂਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਾਰਪੋਰੇਟਾਂ ਵਾਂਗ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਸਹਿਕਾਰੀ ਅਤੇ ਲੈਂਡ ਮਾਰਟਗੇਜ ਬੈਂਕਾਂ ਵਿਚ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ। ਧਰਨੇ ਉਪਰੰਤ ਕਿਸਾਨਾਂ ਵਲੋਂ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਭਗਵੇਂ ਕਰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਅਤੇ ਸਰਕਾਰੀ ਜਬਰ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੂਰਜ ਪ੍ਰਕਾਸ਼ ਬਾਜੇ ਕੇ, ਲਖਵਿੰਦਰ ਸਿੰਘ ਭੁੱਲਰ, ਗੁਰਮੇਲ ਸਿੰਘ, ਪ੍ਰਕਾਸ਼ ਸਿੰਘ ਵਸਤੀ, ਦਲਵਿੰਦਰ ਸਿੰਘ ਸ਼ੇਰਖਾਂ, ਚੰਨਣ ਸਿੰਘ ਕਮੱਗਰ, ਰਸ਼ਪਾਲ ਸਿੰਘ ਹਾਜੀ ਵਾਲਾ ਗੁਰਚਰਨ ਸਿੰਘ ਕੋਮਲ, ਜਸਬੀਰ ਸਿੰਘ ਭੁੱਲਰ, ਡਾ.ਪ੍ਰਦੀਪ ਰਾਣਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਧਰਨੇ ਦੌਰਾਨ ਵੱਡੀ ਸੰਖਿਆ ਵਿਚ ਕਿਸਾਨ ਵੀਰ ਹਾਜ਼ਰ ਸਨ।