ਮਮਦੋਟ, 23 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਸਫ਼ਾਈ ਸੇਵਕ ਯੂਨੀਅਨ ਨਗਰ ਪੰਚਾਇਤ ਮਮਦੋਟ ਦੇ ਕਰਮਚਾਰੀ ਜੋ ਪਿਛਲੇ ਕਈ ਦਿਨਾਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਹਨ, ਉਨ੍ਹਾਂ ਵਲੋਂ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਮਮਦੋਟ ਦੇ ਮੇਨ ਚੁਪਾਤੀ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਠੇਕੇ ਅਧਾਰ ’ਤੇ ਪਿਛਲੇ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਨਾਲ ਹੀ ਬਰਨਾਲਾ ਵਿਖੇ ਸੰਘਰਸ਼ ਕਰ ਰਹੇ ਉਨ੍ਹਾਂ ਦੇ ਸਾਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ, ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਦਾ ਕਹਿਣਾ ਸੀ ਕਿ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਵਲੋਂ ਪੰਜਾਬ ਦੇ ਸਾਰੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤੋ ਬਾਅਦ ਕਰਮਚਾਰੀਆਂ ਦੀਆਂ ਵੋਟਾਂ ਲੈ ਕੇ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨਾਲ ਕੀਤਾ ਵਾਅਦਾ ਭੁੱਲ ਗਏ ਹਨ, ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਫ਼ਾਈ ਬੰਦ ਅਤੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ।