ਫ਼ਿਰੋਜ਼ਪੁਰ, 24 ਜੁਲਾਈ (ਰਾਕੇਸ਼ ਚਾਵਲਾ)-ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਨਗਰ ਕੌਂਸਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਇਕੱਠੇ ਹੋ ਕੇ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਤੱਕ ਰੋਸ ਮਾਰਚ ਕੱਢਿਆ ਅਤੇ ਡੀ.ਐੱਸ.ਪੀ. ਬਰਨਾਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਨਾਲ ਸਫ਼ਾਈ ਕਰਮਚਾਰੀਆਂ ਸਮੇਤ ਸਮੁੱਚੇ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਹੋਏ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਪ੍ਰਦਰਸ਼ਨ ਦੌਰਾਨ ਸਫਾਈ ਸੇਵਕ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ, ਵਿੱਕੀ ਗੋਰਿਆ ਬਲਾਕ ਪ੍ਰਧਾਨ, ਡੈਨੀ ਸਫਾਈ ਸੇਵਕ ਯੂਨੀਅਨ ਫ਼ਿਰੋਜ਼ਪੁਰ, ਸੁਭਾਸ਼, ਭਾਲਾ ਪ੍ਰਧਾਨ, ਰਾਜ ਕੁਮਾਰ, ਸੋਨੂੰ, ਅਮਰ ਭੱਟੀ, ਪ੍ਰਿਤ ਗੋਰਿਆ, ਅਕਬਰ, ਰਾਵਣ ਸੈਨਾ ਮਿਸ਼ਨ ਅੰਬੇਦਕਰ ਤੋਂ ਦੀਪ ਦਸ਼ਾਨਨ, ਭਾਰਤੀਯ ਵਾਲਮੀਕਿ ਧਰਮ ਸਮਾਜ ਤੋਂ ਸੂਬਾ ਆਗੂ ਕਿੱਕਰ ਸਹੋਤਾ, ਅਮਨ ਦ੍ਰਾਵਿੜ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਕੇਸ਼ ਮੇਘਨਾਥ ਆਦਿ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ, ਵਾਲਮੀਕਿ ਸਮਾਜ ਦੇ ਨੁਮਾਇੰਦੇ ਅਤੇ ਸਮਾਜਿਕ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਰਹੇ।