ਮੁੱਦਕੀ, 24 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਗੁਰਤੇਜ ਸਿੰਘ ਗਗਨਾ ਬਰਾੜ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਅਤੇ ਅਰਵਿੰਦਰ ਸਿੰਘ ਬਰਾੜ ਮੀਤ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਨੇ ਕਿਹਾ ਕਿ ਜਦੋਂ ਪੂਰੇ ਦੇਸ਼ ਦੇ ਸਾਹਮਣੇ ਸੱਚਾਈ ਆ ਚੁੱਕੀ ਹੈ ਤਾਂ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਵਾ ਕੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਨੂੰ ਠੇਸ ਪਹੁੰਚਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਗੱਲਬਾਤ ਦਾ ਰਸਤਾ ਅਪਣਾਉਣ ਦੀ ਬਜਾਏ ਵਿਦਿਆਰਥੀਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ, ਪਰ ਪੁਲਿਸ ਦੀਆਂ ਲਾਠੀਆਂ ਨਾਲ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨੀਟ ਪੇਪਰ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਇਸ ਘਪਲੇ ਦੇ ਅਸਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ, ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁਕਵੇਂ ਕਦਮ ਚੁੱਕੇ ਜਾਣ।