ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਦੀ ਵੰਡ ਕੀਤੀ ਗਈ। ਇਹ ਵੰਡ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਾਜ਼ਿਲਕਾ, ਪਿੰਡ ਲਾਲੋ ਵਾਲੀ ਦੇ ਪੀ.ਐੱਮ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬਣਾਏ ਗਏ ਆਧੁਨਿਕ ਅਤੇ ਡਿਜੀਟਲ ਕਲਾਸ ਰੂਮ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਵਧੀਆ ਯੋਗਦਾਨ ਪਾ ਰਹੇ ਹਨ। ਵਿਧਾਇਕ ਨੇ ਬੱਚਿਆਂ ਨੂੰ ਮਿਹਨਤ ਨਾਲ ਪੜ੍ਹ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।