ਗੁਰੂਹਰਸਹਾਏ, 28 ਜੁਲਾਈ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 2 ਅਗਸਤ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਇਸ ਧਰਨੇ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵੱਡੀ ਗਿਣਤੀਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੁੱਖ ਮੰਗਾਂ ਵਿਚ ਆਂਗਣਵਾੜੀ ਕੇਂਦਰਾਂ ਵਿਚੋਂ ਖੋਹੇ ਗਏ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿਚ ਭੇਜਣਾ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਵਜੋਂ ਸਰਕਾਰੀ ਕਰਮਚਾਰੀ ਦਾ ਦਰਜਾ ਦੇਣਾ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰੇ। ਐਨਜੀਓਜ਼ ਅਧੀਨ ਚੱਲ ਰਹੇ ਤਿੰਨ ਬਲਾਕਾਂ ਸਬੰਧੀ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਕੁਲਜੀਤ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।