02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਦੀ ਕਾਲ ’ਤੇ ਜ਼ਿਲ੍ਹਾ ਰਿਹਾ ਮੁਕੰਮਲ ਬੰਦ

Ad Position 21
No active advertisement
ਅਜੀਤ ਡੈਸਕ 31-07-2026
ਫ਼ਿਰੋਜ਼ਪੁਰ, 30 ਜੁਲਾਈ (ਰਾਕੇਸ਼ ਚਾਵਲਾ)-ਸਫ਼ਾਈ ਕਾਮਿਆਂ ਨੂੰ ਪੱਕਾ ਨਾ ਕਰਨ ਅਤੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ’ਤੇ ਅੱਜ ਫ਼ਿਰੋਜ਼ਪੁਰ ਮੁਕੰਮਲ ਬੰਦ ਰਿਹਾ । ਇਸ ਬੰਦ ਨੂੰ ਸਫਲ ਬਣਾਉਣ ਲਈ ਵਾਲਮੀਕਿ ਸਮਾਜ ਦੀਆਂ ਧਾਰਮਿਕ ਜਥੇਬੰਦੀਆਂ ਦਾ ਅਹਿਮ ਰੋਲ ਰਿਹਾ । ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਖੇ ਸਫ਼ਾਈ ਸੇਵਕ ਯੂਨੀਅਨ ਦੀ ਜ਼ਿਲ੍ਹਾਂ ਇਕਾਈ ਤੇ ਰਾਵਣ ਸੈਨਾ ਮਿਸ਼ਨ ਅੰਬੇਡਕਰ ਦੇ ਕੌਮੀ ਪ੍ਰਧਾਨ ਦੀਪ ਦਸ਼ਾਨੰਦ, ਭਾਵਾਧਸ ਦੇ ਸ਼ਹਿਰੀ ਪ੍ਰਧਾਨ ਮੁਕੇਸ਼ ਮੇਘਨਾਥ ਵੱਲੋਂ ਸ੍ਰਿਸ਼ਟੀਕਰਤਾ ਵਾਲਮੀਕਿ ਚੌਂਕ ਵਿਖੇ ਇਕ ਮੰਚ ਲਗਾ ਕੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ । ਇਸੇ ਤਰ੍ਹਾਂ ਫ਼ਿਰੋਜ਼ਪੁਰ ਛਾਉਣੀ ’ਚ ਪ੍ਰਧਾਨ ਸ਼ਾਮ ਲਾਲ ਭੰਗੀ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ, ਜੋ ਫ਼ਿਰੋਜ਼ਪੁਰ ਸ਼ਹਿਰ ਪਹੁੰਚਿਆ । ਬੰਦ ਦੌਰਾਨ ਜਿੱਥੇ ਮੈਡੀਕਲ ਸਟੋਰ, ਹਸਪਤਾਲ, ਦੁੱਧ ਡੇਅਰੀ ਖੁੱਲੀਆਂ ਰਹੀਆਂ, ਉੱਥੇ ਬੱਸ ਯਾਤਰਾ, ਰੇਲਵੇ ਸਫ਼ਰ ਵੀ ਰੋਜ਼ਾਨਾ ਵਾਂਗ ਚੱਲਦਾ ਰਿਹਾ । ਇਸ ਮੌਕੇ ਸ੍ਰਿਸ਼ਟੀਕਰਤਾ ਵਾਲਮੀਕਿ ਚੌਂਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਲਗਾਏ ਮੰਚ ’ਤੇ ਸਫ਼ਾਈ ਕਾਮਿਆਂ ਨੂੰ ਸੰਬੋਧਨ ਕਰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਬਲਾਕ ਪ੍ਰਧਾਨ ਵਿੱਕੀ ਗੋਰਿਆ, ਡੈਨੀ, ਰਾਵਣ ਸੈਨਾ ਮਿਸ਼ਨ ਅੰਬੇਦਕਰ ਤੋਂ ਦੀਪ ਦਸ਼ਾਨਨ, ਭਾਰਤੀਯ ਵਾਲਮੀਕਿ ਧਰਮ ਸਮਾਜ ਤੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਕੇਸ਼ ਮੇਘਨਾਥ, ਆਦਿ ਧਰਮ ਸਮਾਜ (ਆਧਸ) ਤੋਂ ਪ੍ਰਧਾਨ ਸ਼ਾਮ ਲਾਲ ਭੰਗੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਫਿਰੋਜ਼ਪੁਰ ਮੁਕੰਮਲ ਬੰਦ ਹੈ।ਜਿਸ ਕਰਕੇ ਅਸੀਂ ਫਿਰੋਜਪੁਰ ਵਪਾਰ ਮੰਡਲ ਦਾ ਧੰਨਵਾਦ ਕਰਦੇ ਹਾਂ। ਆਗੂਆਂ ਕਿਹਾ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਲਾਠੀਚਾਰਜ ਕਰਵਾ ਕੇ ਲੋਕਤੰਤਰਿਕ ਹੱਕਾਂ ਦਾ ਘਾਣ ਕੀਤਾ ਹੈ। ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ । ਇਸ ਨਾਲ ਸਫ਼ਾਈ ਕਰਮਚਾਰੀਆਂ ਸਮੇਤ ਸਮੁੱਚੇ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਹੋਏ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਦਾ ਹੱਲ ਨਾ ਕੀਤਾ ਅਤੇ ਡੀ.ਐੱਸ.ਪੀ. ਬਰਨਾਲਾ ਤੇ ਐੱਸ.ਐੱਚ.ਓ. ਨੂੰ ਬਰਖ਼ਾਸਤ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਤੇ ਵੱਡਾ ਕੀਤਾ ਜਾਵੇਗਾ । ਇਸ ਮੌਕੇ ਸਮਾਜ ਸੇਵੀ ਚੰਦਨ ਉਰਫ਼ ਚੰਦੂ ਨੇ ਪ੍ਰਦਰਸ਼ਨ ’ਚ ਸ਼ਾਮਿਲ ਹੋ ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਅਤੇ ਸਫ਼ਾਈ ਕਾਮਿਆਂ ਨੂੰ ਸਫ਼ਾਈ ਸੈਨਿਕ ਕਹਿ ਤਵਜੋਂ ਦਿੱਤੀ । ਇਸ ਮੌਕੇ ਸਫਾਈ ਸੇਵਕ ਯੂਨੀਅਨ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ, ਵਿੱਕੀ ਗੋਰਿਆ ਬਲਾਕ ਪ੍ਰਧਾਨ, ਡੈਨੀ, ਸੁਭਾਸ਼, ਭਾਲਾ ਪ੍ਰਧਾਨ, ਰਾਜ ਕੁਮਾਰ, ਸੋਨੂੰ, ਅਮਰ ਭੱਟੀ, ਪ੍ਰਿਤ ਗੋਰਿਆ, ਅਕਬਰ ਆਦਿ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀ ਤੇ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ ।
ਗੁਰੂਹਰਸਹਾਏ ਮੁਕੰਮਲ ਬੰਦ, ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਵਿਸ਼ਾਲ ਰੋਸ ਮਾਰਚ
ਗੁਰੂਹਰਸਹਾਏ, (ਕਪਿਲ ਕੰਧਾਰੀ)-ਬਰਨਾਲਾ ਵਿਖੇ ਸਫ਼ਾਈ ਮੁਲਾਜ਼ਮਾਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਪੱਧਰ ’ਤੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਗੁਰੂਹਰਸਹਾਏ ਵਿਚ ਭਰਵਾਂ ਸਮਰਥਨ ਮਿਲਿਆ। ਸਫ਼ਾਈ ਮਜ਼ਦੂਰ ਯੂਨੀਅਨ ਗੁਰੂਹਰਸਹਾਏ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਦਕਿ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਰੋਸ ਮਾਰਚ ਦੌਰਾਨ ਯੂਨੀਅਨ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਰਨਾਲਾ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਅਜਿਹੀ ਕਾਰਵਾਈ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਆਗੂ ਸੁਨੀਲ ਕੁਮਾਰ, ਸੋਨੂ ਅਤੇ ਰਾਕੇਸ਼ ਕੁਮਾਰ ਨੇ ਕਿਹਾ ਕਿ ਸੂਬਾ ਪੱਧਰ ’ਤੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਗੁਰੂਹਰਸਹਾਏ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਵਲੋਂ ਭਰਪੂਰ ਸਮਰਥਨ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਤਾਂ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਬੰਦ ਅਤੇ ਰੋਸ ਮਾਰਚ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਅਤੇ ਬਾਜ਼ਾਰਾਂ ਵਿਚ ਸਮੇਂ-ਸਮੇਂ ’ਤੇ ਪੁਲਿਸ ਵਲੋਂ ਗਸ਼ਤ ਵੀ ਕੀਤੀ ਗਈ।
ਜ਼ੀਰਾ ਸ਼ਹਿਰ ਦੇ ਬਾਜ਼ਾਰ ਬੰਦ ਰਹੇ
ਜ਼ੀਰਾ, (ਰਜਨੀਸ਼ ਕਥੂਰੀਆ/ ਹਰਜੀਤ ਸਿੰਘ ਗਿੱਲ)-ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸਮਰਥਨ ਵਿਚ ਜ਼ੀਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਭਰਵਾਂ ਹੁੰਗਾਰਾ ਦਿੱਤਾ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਬਰਨਾਲਾ ਵਿਖੇ ਡੀ.ਐੱਸ.ਪੀ.ਵਲੋਂ ਸਫਾਈ ਕਰਮਚਾਰੀਆਂ ’ਤੇ ਕੀਤੇ ਗਏ ਅੱਤਿਆਚਾਰ ਵਿਰੁੱਧ ਸਫਾਈ ਸੇਵਕ ਯੂਨੀਅਨ ਬਰਾਂਚ ਜ਼ੀਰਾ ਨੇ ਨਗਰ ਕੌਂਸਲ ਦਫਤਰ ਜ਼ੀਰਾ ਤੋਂ ਕਲੌਕ ਟਾਵਰ ਚੌਕ ਤੱਕ ਜ਼ੋਰਦਾਰ ਰੋਸ ਮਾਰਚ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਹੜਤਾਲ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਦੁਕਾਨਦਾਰਾਂ ਸਮੇਤ ਸਮੂਹ ਜਥੇਬੰਦੀਆਂ ਨੇ ਇਸ ਬੰਦ ਨੂੰ ਪੂਰਨ ਸਮਰਥਨ ਦਿੱਤਾ।ਇਸ ਦੌਰਾਨ ਗੱਲਬਾਤ ਕਰਦਿਆਂ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਅਜੇ ਕੁਮਾਰ ਆਦਿ ਨੇ ਸਰਕਾਰ ਅੱਗੇ ਮੁੱਖ ਮੰਗਾਂ ਰੱਖਦਿਆਂ ਆਖਿਆ ਕਿ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕੱਚੇ ਸਫਾਈ ਸੇਵਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਅੱਤਿਆਚਾਰ ਕਰਨ ਵਾਲੇ ਸਬੰਧਤ ਡੀ.ਐੱਸ.ਪੀ. ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਵਿਚ ਸ਼ਾਮਲ ਵੱਖ-ਵੱਖ ਭਾਈਚਾਰਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਦਾ ਪੂਰਨ ਸਮਰਥਨ ਕੀਤਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਤਲਵੰਡੀ ਭਾਈ ’ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਤਲਵੰਡੀ ਭਾਈ, (ਰਵਿੰਦਰ ਸਿੰਘ ਬਜਾਜ/ਕੁਲਜਿੰਦਰ ਸਿੰਘ ਗਿੱਲ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਕਰਮਚਾਰੀ ਯੂਨੀਅਨਾਂ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਅਸਰ ਅੱਜ ਤਲਵੰਡੀ ਭਾਈ ਸ਼ਹਿਰ ਵਿਚ ਵੀ ਵਿਆਪਕ ਰੂਪ ’ਚ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਚਹਿਲ-ਪਹਿਲ ਗਾਇਬ ਰਹੀ ਅਤੇ ਜ਼ਿਆਦਾਤਰ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਸਫ਼ਾਈ ਕਰਮਚਾਰੀਆਂ ਵਲੋਂ ਇਕੱਠੇ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਦੌਰਾਨ ਜਿੰਨਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ, ਪਦਰਸ਼ਨਕਾਰੀਆਂ ਨੇ ਉਨ੍ਹਾਂ ਕੋਲ ਪਹੁੰਚ ਕੇ ਅਪੀਲ ਕਰਦਿਆਂ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾਇਆ। ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਅਤਿਅੰਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧੱਕੇਸ਼ਾਹੀ ਨਾਲ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤਰਸੇਮ ਚੰਦ, ਲਵਦੀਪ, ਸ੍ਰੀ ਰਾਮ, ਰੋਹਿਤ, ਤੇਜਿੰਦਰ ਸਿੰਘ, ਮਲਕੀਤ ਸਿੰਘ, ਮਾਨ ਸਿੰਘ, ਰਮਨਦੀਪ ਕੌਰ, ਰਾਣੀ, ਪਰਮਿੰਦਰ ਸਿੰਘ, ਸੰਦੀਪ ਕੁਮਾਰ ਖੁੱਲਰ, ਧਰਮਿੰਦਰ, ਜਗਸੀਰ, ਸ਼ਕੁੰਤਲਾ ਰਾਣੀ, ਵੰਦਨਾ, ਕਮਲੇਸ਼ ਕੁਮਾਰੀ, ਸੁਨੀਤਾ ਕੁਮਾਰੀ, ਜਿੰਦਰ ਸਿੰਘ, ਮਲਕੀਤ ਸਿੰਘ, ਰਾਜ ਚੰਦ, ਸੰਜੇ ਕੁਮਾਰ ਆਦਿ ਹਾਜ਼ਰ ਸਨ। ਖ਼ਬਰ ਲਿਖੇ ਜਾਣ ਤੱਕ ਸ਼ਹਿਰ ਵਿਚ ਬੰਦ ਦਾ ਅਸਰ ਸ਼ਾਂਤਮਈ ਅਤੇ ਅਨੁਸ਼ਾਸਨਬੱਧ ਰਿਹਾ।
ਪੰਜਾਬ ਬੰਦ ਨੂੰ ਮੁੱਦਕੀ ’ਚ ਮਿਲਿਆ ਭਰਵਾਂ ਹੁੰਗਾਰਾ
ਮੁੱਦਕੀ, (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਬੰਦ ਦੇ ਦਿੱਤੇ ਸੱਦੇ ਨੂੰ ਮੁੱਦਕੀ ’ਚ ਭਰਵਾਂ ਹੁੰਗਾਰਾ ਮਿਲਿਆ, ਜਿਸ ਦੇ ਚੱਲਦਿਆਂ ਸਥਾਨਕ ਦੁਕਾਨਦਾਰਾਂ ਵਲੋਂ ਸਫ਼ਾਈ ਸੇਵਕਾਂ ਨੂੰ ਸਮਰਥਨ ਦਿੰਦਿਆਂ ਆਪੋ-ਆਪਣੇ ਕਾਰੋਬਾਰ ਅਤੇ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਵਲੋਂ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਬਾਜ਼ਾਰਾਂ ’ਚ ਰੋਸ ਮਾਰਚ ਕਰਦਿਆਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਾਰਚ ’ਚ ਮੁੱਦਕੀ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ। ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ, ਜਿਸ ਦੇ ਵਿਰੋਧ ਬਾਅਦ ਪ੍ਰਸ਼ਾਸਨ ਵਲੋਂ ਭਾਵੇਂ ਹੀ ਔਰਤਾਂ ’ਤੇ ਲਾਠੀਚਾਰਜ ਕਰਨ ਵਾਲੇ ਡੀ.ਐੱਸ.ਪੀ. ਨੂੰ ਸਸਪੈਂਡ ਕੀਤਾ ਗਿਆ ਹੈ, ਪਰ ਉਨ੍ਹਾਂ ਦੀ ਮੰਗ ਮੁਤਾਬਿਕ ਇਹ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਡੀ.ਐੱਸ.ਪੀ. ਅਤੇ ਇਸ ਮਾਮਲੇ ’ਚ ਸ਼ਾਮਿਲ ਸਾਰੇ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਬਰਖ਼ਾਸਤ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਜਨਰਲ ਸੈਕਟਰੀ ਰਮੇਸ਼ ਕੁਮਾਰ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਪੈੱ੍ਰਸ ਸਕੱਤਰ ਵਰਿੰਦਰ ਸਿੰਘ, ਲੀਲੂ ਰਾਮ, ਜਸਕਰਨ ਸਿੰਘ, ਗੇਲਾ ਸਿੰਘ, ਵਿੱਕੀ, ਸਿਮਰਨ, ਤਰਸੇਮ ਸਿੰਘ, ਅੰਗਰੇਜ਼ ਸਿੰਘ ਬਰਾੜ, ਸੁਖਵੀਰ ਸਿੰਘ, ਗੋਗੀ ਰਾਣੀ, ਮੀਰਾ, ਸਾਜਨ, ਕਿਰਨ, ਪ੍ਰੀਤੀ, ਅਸ਼ੋਕ ਕੁਮਾਰ, ਰਾਜੇਸ਼, ਬਲਵੀਰ ਸਿੰਘ ਬੱਬਾ, ਬੋਹੜ ਸਿੰਘ ਭੈਲ ਕਿਸਾਨ ਆਗੂ, ਰਾਜੂ ਪੇ੍ਰਮੀ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਸੁਖਜੀਤ ਸਿੰਘ ਬਰਾੜ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਬਲਵਿੰਦਰ ਸਿੰਘ ਫ਼ੌਜੀ, ਗੁਰਨਾਮ ਸਿੰਘ ਗਾਮਾ, ਮਹਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਬੰਦ ਨੂੰ ਮੱਲਾਂਵਾਲਾ ’ਚ ਮਿਲਿਆ ਭਰਵਾਂ ਹੁੰਗਾਰਾ
ਮੱਲਾਂਵਾਲਾ, 30 ਜੁਲਾਈ (ਸੁਰਜਨ ਸਿੰਘ ਸੰਧੂ)- ਅੱਜ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਰਕਾਰ ਤੋਂ ਮੰਨਵਾਉਣ ਲਈ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਮੱਲਾਂਵਾਲਾ ਪੂਰਨ ਤੌਰ ’ਤੇ ਬੰਦ ਰਿਹਾ। ਸਫ਼ਾਈ ਕਰਮਚਾਰੀਆਂ ਦੇ ਸਮਰਥਨ ਵਿਚ ਮੱਲਾਂਵਾਲਾ ਖਾਸ ਦੇ ਬਾਜ਼ਾਰ, ਬੈਂਕ ਆਦਿ ਮੁੰਕਮਲ ਤੌਰ ’ਤੇ ਬੰਦ ਰਹੇ। ਯੂਨੀਅਨ ਵਲੋਂ ਬਰਨਾਲਾ ਵਿਖੇ ਕੀਤੇ ਲਾਠੀਚਾਰਚ ਦੇ ਵਿਰੋਧ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਅਤੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸਾਡੀਆਂ ਮੰਗਾਂ ਪਹਿਲ ਦੇ ਆਧਾਰ ’0ਤੇ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਜੋੇਕਰ ਸਾਡੀਆਂ ਮੰਗਾਂ ’ਤੇ ਜਲਦੀ ਸਰਕਾਰ ਨੇ ਨਿਪਟਾਰਾ ਨਾ ਕੀਤਾ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਵੱਡੇ ਪੱਧਰ ’ਤੇ ਉਲੀਕਾਂਗੇ।
Ad Position 22
No active advertisement
ਪਿਛਲੀ ਖ਼ਬਰ ਗੰਦਗੀ ਦੇ ਢੇਰਾਂ ਹੇਠ ਦੱਬ ਕੇ ਰਹਿ ਗਏ ਡੀ.ਸੀ ਦੇ ਹਫ਼ਤਾ ਪਹਿਲਾਂ ਜਾਰੀ ਹੁਕਮ ਅਗਲੀ ਖ਼ਬਰ ਪਾਣੀ : ਜਦੋਂ ਸਰੀਰ ਮੰਗੇ ਹੋਰ
Ad Position 24
No active advertisement