ਫ਼ਿਰੋਜ਼ਪੁਰ, 30 ਜੁਲਾਈ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਬੀਤੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਫਾਰਮੇਸੀ ਅਫ਼ਸਰਾਂ ਦੀ ਭਰਤੀ ਲਈ ਕਰਵਾਈ ਗਈ ਪ੍ਰੀਖਿਆ ’ਚ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੈਡੀਕਲ ਸਿੱਖਿਆ ਮਾਫ਼ੀਏ ਨਾਲ ਮਿਲੀਭੁਗਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਦੇ ਪ੍ਰਾਈਵੇਟ ਫਾਰਮੇਸੀ ਕਾਲਜਾਂ ਵਿਚ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਦਾਖ਼ਲੇ ਦੇ ਕੇ ਫਾਰਮੇਸੀ ਦਾ ਡਿਪਲੋਮਾ ਕਰਵਾਉਣ ਦਾ ਸਿਲਸਿਲਾ ਬੀਤੇ ਲੰਮੇਂ ਸਮੇਂ ਤੋਂ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਇਨ੍ਹਾਂ ਜਾਅਲੀ ਸਰਟੀਫਿਕੇਟਾਂ ਵਾਲੇ ਵਿਅਕਤੀਆਂ ਦੀਆਂ ਰਜਿਸਟਰੇਸ਼ਨਾਂ ਨੂੰ ਫਾਰਮੇਸੀ ਕੌਂਸਲ ਵਲੋਂ ਰੱਦ ਨਹੀਂ ਕੀਤਾ ਗਿਆ, ਬਲਕਿ ਓਪਨ ਸਕੂਲ ਤੋਂ ਸਾਇੰਸ ਵਿਸ਼ਿਆਂ ਨਾਲ ਬਾਰ੍ਹਵੀਂ ਜਮਾਤ ਕਰਵਾ ਕੇ ਦਾਖਲਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਇਹ ਵਰਤਾਰਾ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੀ ਮੈਡੀਕਲ ਸਿੱਖਿਆ ਮਾਫ਼ੀਏ ਨਾਲ ਮਿਲੀਭੁਗਤ ਬਿਨਾਂ ਸੰਭਵ ਹੀ ਨਹੀਂ ਸੀ। ਉਨ੍ਹਾਂ ਇਸ ਸਾਰੇ ਘਟਨਾਕ੍ਰਮ ਦੀ ਅਦਾਲਤੀ ਜਾਂਚ ਦੀ ਮੰਗ ਕਰਦਿਆਂ ਸਮਾਜ ਦੇ ਸਮੂਹ ਇਨਸਾਨ ਪਸੰਦ ਲੋਕਾਂ ਨੂੰ ਇਸ ਖ਼ਿਲਾਫ਼ ਜ਼ੋਰਦਾਰ ਆਵਾਜ਼ ਉਠਾਉਣ ਦੀ ਅਪੀਲ ਕੀਤੀ।