01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਿੱਖ ਪੰਥ ਦੇ ਧਾਰਮਿਕ ਮਾਮਲਿਆਂ ਦਾ ਨਿਪਟਾਰਾ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਵੇਗਾ-ਗਿਆਨੀ ਕੁਲਦੀਪ ਸਿੰਘ ਗੜਗੱਜ

Ad Position 21
No active advertisement
ਅਜੀਤ ਡੈਸਕ 01-08-2026
ਫਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)-ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਏਕਤਾ ਅਤੇ ਸਿੱਖੀ ਦੇ ਪ੍ਰਚਾਰ ਦੇ ਸੰਦੇਸ਼ ਨਾਲ ਚੱਲ ਰਿਹਾ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਜ਼ਾਮਨੀ ਸਾਹਿਬ, ਬਜੀਦਪੁਰ (ਫਿਰੋਜ਼ਪੁਰ) ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮਾਰਚ ਦਾ ਸਵਾਗਤ ਕਰਦਿਆਂ ਸ਼ਰਧਾ ਪ੍ਰਗਟਾਈ। ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਗੁਰੂ ਸਾਹਿਬਾਨ ਵਲੋਂ ਸਥਾਪਿਤ ਸਦੀਵੀ ਅਤੇ ਸਰਬਉੱਚ ਅਸਥਾਨ ਹੈ, ਜਿਸ ਦੀ ਮਰਯਾਦਾ ਅਤੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਧਾਰਮਿਕ ਅਤੇ ਅੰਦਰੂਨੀ ਮਾਮਲਿਆਂ ਦਾ ਨਿਪਟਾਰਾ ਸਿਰਫ਼ ਗੁਰੂ ਪੰਥ ਦੀ ਪਰੰਪਰਾ ਅਤੇ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਸਵੀਕਾਰ ਨਹੀਂ ਕਰੇਗੀ, ਜਦਕਿ ਬੇਅਦਬੀ ਵਰਗੇ ਮਾਮਲਿਆਂ ਵਿਚ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸੰਗਤ ਨੂੰ ਪੰਥ ਵਿਰੋਧੀ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਸਿੱਖੀ ਸਿਧਾਂਤਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਦਿੱਤਾ ਗਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਇਆ, ਜਿੱਥੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਦਿਆਂ ਵਿਚਾਰ ਸਾਂਝੇ ਕੀਤੇ। ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ, ਜਦਕਿ ਚੌਰ ਸਾਹਿਬ ਦੀ ਸੇਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫਿਰੋਜ਼ਪੁਰ ਸ਼ਹਿਰ, ਨੂਰਪੁਰ ਸੇਠਾਂ ਅੱਡਾ, ਰੁਕਣਾ ਬੇਗੂ, ਸਾਈਆਂ ਵਾਲਾ, ਗੋਲੇਵਾਲਾ, ਰਾਜੋਆਣਾ, ਨਵੀਂ ਪਿੱਪਲੀ, ਬਸਤੀ ਨਾਨਕਸਰ, ਸਾਦਿਕ ਚੌਂਕ, ਘੰਟਾ ਘਰ ਚੌਂਕ ਸਮੇਤ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸ਼ਹੀਦਾਂ ਦੇ ਸਚਿੱਤਰ ਪ੍ਰਦਰਸ਼ਨ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ, ਸ਼੍ਰਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਪ੍ਰੀਤਮ ਸਿੰਘ ਮਲਸੀਹਾਂ, ਸਤਪਾਲ ਸਿੰਘ ਤਲਵੰਡੀ ਭਾਈ, ਬਲਵਿੰਦਰ ਸਿੰਘ ਭੰਮਾਂ ਲੰਡਾ, ਦਰਸ਼ਨ ਸਿੰਘ ਮੋਠਾਂਵਾਲਾ, ਬੀਬੀ ਪਰਮਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਵਰਦੇਵ ਸਿੰਘ ਨੋਨੀ ਮਾਨ, ਨਗਿੰਦਰ ਸਿੰਘ ਜੰਟੂ, ਹਰਦੇਵ ਸਿੰਘ, ਜੋਗਿੰਦਰ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਮੇਜ ਸਿੰਘ ਕਾਰਸੇਵਾ ਤਰਨਤਾਰਨ ਸਾਹਿਬ, ਸ਼੍ਰਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਯੁਵਰਾਜ ਸਿੰਘ, ਤੇਜਬੀਰ ਸਿੰਘ, ਜਸਪਾਲ ਸਿੰਘ, ਇੰਚਾਰਜ ਸੁਖਵਿੰਦਰ ਸਿੰਘ, ਬਾਬਾ ਸ਼ਮਸ਼ੇਰ ਸਿੰਘ ਪੰਥ ਅਕਾਲੀ ਤਰਨਾ ਦਲ ਬਟਾਲਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਮੈਨੇਜਰ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ.
Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਾਰੀ ਨਵੇਂ ਹੁਕਮ, ਲਿਆ ਵੱਡਾ ਫ਼ੈਸਲਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਆਗੂਆਂ ਦੀ ਬੈਠਕ
Ad Position 24
No active advertisement