4 ਤੋਲੇ ਸੋਨਾ ਅਤੇ 1 ਲੱਖ 60 ਹਜ਼ਾਰ ਰੁਪਏ ਦੀ ਨਕਦੀ ਚੋਰੀ, ਕੇਸ ਦਰਜ
ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)- ਤਹਿਸੀਲ ਜ਼ੀਰਾ ਦੇ ਪਿੰਡ ਬਹਿਕ ਫੱਤੂ ਵਿਖੇ ਇਕ ਘਰ ’ਚੋਂ ਇਕ ਵਿਅਕਤੀ ਵਲੋਂ 1 ਲੱਖ 60 ਹਜ਼ਾਰ ਰੁਪਏ ਦੀ ਨਕਦੀ ਅਤੇ 4 ਤੋਲੇ ਸੋਨਾ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)- ਤਹਿਸੀਲ ਜ਼ੀਰਾ ਦੇ ਪਿੰਡ ਬਹਿਕ ਫੱਤੂ ਵਿਖੇ ਇਕ ਘਰ ’ਚੋਂ ਇਕ ਵਿਅਕਤੀ ਵਲੋਂ 1 ਲੱਖ 60 ਹਜ਼ਾਰ ਰੁਪਏ ਦੀ ਨਕਦੀ ਅਤੇ 4 ਤੋਲੇ ਸੋਨਾ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦਾ ਦਿਲਚਸਪ ਪਹਿਲੂ ਇਹ ਹੈ ਕਿ ਇਹ ਚੋਰੀ ਕਿਸੇ ਪੇਸ਼ੇਵਰ ਚੋਰ ਨੇ ਨਹੀਂ ਬਲਕਿ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕੀਤੀ ਗਈ ਹੈ। ਜਿਸ ਦਾ ਭੇਦ ਸੀ.ਸੀ.ਟੀ.ਵੀ.ਕੈਮਰੇ ਦੀ ਫੁਟੇਜ ਨੇ ਖੋਲ ਦਿੱਤਾ। ਥਾਣਾ ਸਦਰ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਪੀੜਿਤ ਹਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਬਹਿਕ ਫੱਤੂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੁਖਮਨੀ ਹਸਪਤਾਲ ਜ਼ੀਰਾ ਵਿਖੇ ਗਏ ਹੋਏ ਸਨ। ਜਦੋਂ ਉਹ ਵਾਪਸ ਘਰ ਪਰਤੇ ਤਾਂ ਉਹਨਾਂ ਨੇ ਵੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਟੁੱਟੇ ਹੋਏ ਸਨ ਅਤੇ ਅੰਦਰ ਕਮਰਿਆਂ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਹਨਾ ਨੇ ਘਰ ਵਿਚ ਲੱਗੇ ਸੀ.ਸੀ.ਟੀ . ਵੀ.ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਤਾਂ ਛਿੰਦਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬਹਿਕ ਫੱਤੂ ਪਹਿਲਾਂ ਘਰ ਦੇ ਬਾਹਰ ਗੇਟ ਕੋਲ ਖੜ੍ਹਾ ਹੋ ਕੇ ਆਲੇ-ਦੁਆਲੇ ਦੀ ਸਥਿਤੀ ਦਾ ਜਾਇਜ਼ਾ ਲੈਂਦਾ ਰਿਹਾ ਅਤੇ ਇਸ ਤੋਂ ਬਾਅਦ ਉਹ ਆਪਣੇ ਘਰ ਵਾਲੇ ਪਾਸੇ ਦੀ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋ ਗਿਆ। ਹਰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਛਿੰਦਾ ਸਿੰਘ ਨੇ ਘਰ ਦੇ ਕਮਰਿਆਂ ਦੀ ਤਲਾਸ਼ੀ ਲੈ ਕੇ ਅਲਮਾਰੀਆਂ ਵਿਚ ਰੱਖੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਹੈ । ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਦੋਸ਼ੀ ਛਿੰਦਾ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।