15 ਅਗਸਤ ਮੌਕੇ ਮੁੱਖ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਨੂੰ ਗ੍ਰਿਫਤਾਰ ਕਰਕੇ ਜੀਰਾ ਥਾਣੇ ’ਚ ਡੱਕਿਆ
ਜ਼ੀਰਾ, 16 ਅਗਸਤ (ਪ੍ਰਤਾਪ ਸਿੰਘ ਹੀਰਾ)- ਫ਼ਿਰੋਜ਼ਪੁਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿਚ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲਈ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰੋਫ਼ੈਸਰਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ।
ਜ਼ੀਰਾ, 16 ਅਗਸਤ (ਪ੍ਰਤਾਪ ਸਿੰਘ ਹੀਰਾ)- ਫ਼ਿਰੋਜ਼ਪੁਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿਚ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲਈ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰੋਫ਼ੈਸਰਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ। ਜਿਸ ਦੇ ਸਿੱਟੇ ਵਜੋਂ 150 ਤੋਂ ਜ਼ਿਆਦਾ ਸਹਾਇਕ ਪ੍ਰੋਫ਼ੈਸਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕ ਦਿੱਤਾ। ਇਸ ਦੌਰਾਨ ਜੀਰਾ ਵਿਖੇ ਸਦਰ ਥਾਣਾ ਵਿਚ ਬੰਦ ਕੀਤੇ ਪ੍ਰੋਫੈਸਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸੋਹੇਲ ਢਿੱਲੋਂ ਦੱਸਿਆ ਕਿ 4 ਅਗਸਤ ਨੂੰ 1 158 ਫ਼ਰੰਟ ਵਲੋਂ ਚੰਡੀਗੜ੍ਹ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ 13 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰੰਤੂ ਸਰਕਾਰ ਵਲੋਂ ਇਸ ਮੀਟਿੰਗ ਤੋਂ ਭੱਜਣ ਕਾਰਨ, ਪਹਿਲਾਂ ਦਿੱਤੀ ਗਈ ਚੇਤਾਵਨੀ ਅਨੁਸਾਰ ਅੱਜ ਉੱਚ ਸਿੱਖਿਆ ਪ੍ਰਾਪਤ ਪ੍ਰੋਫ਼ੈਸਰਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਿਆ। ਉਹਨਾਂ ਕਿਹਾ ਕਿ ਸਰਕਾਰੀ ਨਾਕਾਮੀਆਂ ਕਾਰਨ ਪੀ.ਐੱਚ.ਡੀ. ਤੱਕ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਪਿਛਲੇ ਅੱਧੇ ਦਹਾਕੇ ਤੋਂ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਸੁਪਰੀਮ ਕੋਰਟ ਵਲੋਂ ਭਰਤੀ ਰੱਦ ਕੀਤੇ ਜਾਣ ਕਾਰਨ 1158 ਪਰਿਵਾਰਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ, ਪਰ ਸਰਕਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨਾਲ ਪੁਲਿਸ ਜਬਰ ਕਰ ਰਹੀ ਹੈ। ਡਾ. ਕਰਮਜੀਤ ਸਿੰਘ , ਪ੍ਰੋ. ਪ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ 13 ਅਗਸਤ ਦੀ ਮੀਟਿੰਗ ਤੋਂ ਮੁੱਕਰ ਕੇ ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਵਿਧਾਨ ਸਭਾ ਵਿਚ ਐਕਟ ਨਾ ਲਿਆਂਦਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਗ੍ਰਿਫਤਾਰ ਕੀਤੇ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਨੂੰ 12 ਵਜੇ ਦੇ ਕਰੀਬ ਰਿਹਾਅ ਕਰ ਦਿੱਤਾ ਗਿਆ।