ਸਿਹਤ ਅਧਿਕਾਰੀਆਂ ਅਤੇ ਸਟਾਫ਼ ਦੀ ਬਦਨਾਮੀ ਬਰਦਾਸ਼ਤ ਨਹੀਂ-ਕੌੜਾ
ਫ਼ਿਰੋਜ਼ਪੁਰ 21 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਅਤੇ ਪੀ. ਸੀ.
ਫ਼ਿਰੋਜ਼ਪੁਰ 21 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਅਤੇ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵਲੋਂ ਗੁਰੂਹਰਸਹਾਏ ਦੇ ਐੱਸ.ਐੱਮ.ਓ. ਡਾ. ਕਰਨਵੀਰ ਕੌਰ ਅਤੇ ਸਮੂਹ ਸਿਹਤ ਵਿਭਾਗ ਦੇ ਸਟਾਫ਼ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਲਗਾਏ ਜਾ ਰਹੇ ਦੋਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਯੂਨੀਅਨਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਸਰਕਾਰੀ ਸਿਹਤ ਸੰਸਥਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਬਿਨਾਂ ਤੱਥਾਂ ਦੀ ਪੂਰੀ ਜਾਂਚ ਕੀਤੇ ਦੋਸ਼ ਲਗਾਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਨੂੰ ਮਜਬੂਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਿਹਤ ਅਦਾਰਿਆਂ ਦਾ ਕੰਮ ਬੰਦ ਕਰਨ ਵਰਗਾ ਸਖ਼ਤ ਕਦਮ ਚੁੱਕਣਾ ਪੈ ਸਕਦਾ ਹੈ।ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਕੋਛੜ ਨੇ ਕਿਹਾ ਕਿ ਕਿਸੇ ਵੀ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੇ ਬਿਨਾਂ ਸਰਕਾਰੀ ਸੰਸਥਾ ਦੇ ਅਹੁਦੇਦਾਰਾਂ ਅਤੇ ਕਰਮਚਾਰੀਆਂ ’ਤੇ ਦੋਸ਼ ਲਗਾਉਣਾ ਉਚਿੱਤ ਨਹੀਂ ਹੈ।