ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕਥਿਤ ਤੌਰ ’ਤੇ ਕੁੱਟਮਾਰ, ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ
ਫ਼ਿਰੋਜ਼ਪੁਰ, 24 ਅਗਸਤ (ਰਾਕੇਸ਼ ਚਾਵਲਾ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੇ ਪਤੀ ਸਮੇਤ ਸਹੁਰੇ ਅਤੇ ਮਾਮੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫ਼ਿਰੋਜ਼ਪੁਰ, 24 ਅਗਸਤ (ਰਾਕੇਸ਼ ਚਾਵਲਾ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੇ ਪਤੀ ਸਮੇਤ ਸਹੁਰੇ ਅਤੇ ਮਾਮੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਵੁਮੈਨ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪੀੜਤ ਵਿਆਹੁਤਾ ਮਨਪ੍ਰੀਤ ਕੌਰ ਪੁੱਤਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2024 ਵਿਚ ਲਵਦੀਪ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ, ਨੇੜੇ ਛੀਨਾ ਟਿੱਬਾ, ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ। ਇਸ ਦੇ ਬਾਵਜੂਦ ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਵਲੋਂ ਹੋਰ ਦਾਜ ਲਿਆਉਣ ਦੀ ਮੰਗ ਕੀਤੀ ਜਾਣ ਲੱਗੀ। ਸ਼ਿਕਾਇਤ ਅਨੁਸਾਰ ਉਸ ਦਾ ਪਤੀ ਲਵਦੀਪ ਸਿੰਘ, ਸਹੁਰਾ ਟਹਿਲ ਸਿੰਘ ਅਤੇ ਮਾਮਾ ਸਹੁਰਾ ਅੰਗਰੇਜ਼ ਸਿੰਘ ਵਲੋਂ ਉਸ ਨੂੰ ਕਥਿਤ ਤੌਰ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਹੋਰ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਵੀ ਕੀਤੀ ਗਈ। ਵਿਆਹੁਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਨਾਲ ਧੱਕੇਸ਼ਾਹੀ ਕਰਦਿਆਂ ਉਸ ਨੂੰ ਘਰੋਂ ਕੱਢਣ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵਲੋਂ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਤੱਥਾਂ ਦੇ ਆਧਾਰ ’ਤੇ ਪੜਤਾਲ ਕੀਤੀ ਜਾ ਰਹੀ ਹੈ।