ਸਾਢੇ ਚਾਰ ਸਾਲ ਤੋਂ ਪੇਅ ਸਕੇਲ ਤੇ ਰੈਗੂਲਰ ਸਹੂਲਤਾਂ ਤੋਂ ਵਾਂਝੇ ਐਸੋਸੀਏਟ ਅਧਿਆਪਕ
ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਐਸੋਸੀਏਟ ਅਧਿਆਪਕ ਫਰੰਟ ਫਿਰੋਜ਼ਪੁਰ ਵਲੋਂ ਇੱਥੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੇਅ ਸਕੇਲ ਲਾਗੂ ਕਰਨ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਗਈ।
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਐਸੋਸੀਏਟ ਅਧਿਆਪਕ ਫਰੰਟ ਫਿਰੋਜ਼ਪੁਰ ਵਲੋਂ ਇੱਥੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੇਅ ਸਕੇਲ ਲਾਗੂ ਕਰਨ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿਚ ਦਫਤਰ ਸੁਪਰਡੈਂਟ ਰਾਜਵਿੰਦਰ ਕੌਰ ਨੂੰ ਸੌਪੇ ਮੰਗ ਪੱਤਰ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੰਧੂ ਅਤੇ ਸੂਬਾ ਆਗੂ ਅਸ਼ੋਕ ਹਾਂਡਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦਿਆਂ ਦੇ ਬਾਵਜੂਦ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਅਜੇ ਤੱਕ ਪੂਰਾ ਪੇਅ ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਮਿਲਦੀਆਂ ਸਹੂਲਤਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਾਮੂਲੀ ਤਨਖਾਹ ਵਾਧੇ ਅਤੇ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਅਤ ਕਰਨ ਸਬੰਧੀ ਜਾਰੀ ਕੀਤੇ ਨਿਯੁਕਤੀ ਪੱਤਰਾਂ ਵਿਚ ਵੀ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਾ ਕੋਈ ਜ਼ਿਕਰ ਨਹੀਂ ਹੈ। ਜਗਸੀਰ ਸਿੰਘ ਸੰਧੂ ਨੇ ਤੇ ਅਸ਼ੋਕ ਹਾਂਡਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੀਆਂ ਮੀਟਿੰਗਾਂ ਵਿਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੁਰਜੀਤ ਸਿੰਘ ਭੁੱਲਰ, ਲਖਵੀਰ ਸਿੰਘ, ਰਮਨ ਦੁੱਗਲ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਗੁਰਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਸ਼ਗਨ ਸਿੰਘ ਅਤੇ ਜਗਸੀਰ ਸਿੰਘ ਝੰਡੂਵਾਲਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ।