ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਦੀ ਸ਼ੁਰੂਆਤ
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਐੱਨ. ਐੱਸ.
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਐੱਨ.ਐੱਸ.ਐੱਸ. ਵਿੰਗ ਵਲੋਂ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਕੌਮੀ ਖੇਡ ਦਿਵਸ ਦੇ ਸੰਦਰਭ ਵਿਚ ‘ਖੇਲੋ ਇੰਡੀਆ ਸੰਵਾਦ—ਖੇਲ ਕੀ ਬਾਤ’ ਅਤੇ ‘ਪੀ.ਐੱਮ. ਕੇ. ਸਾਥ ਯੁਵਾ ਕੁਨੈਕਟ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਤੰਦਰੁਸਤ ਅਤੇ ਅਨੁਸ਼ਾਸਿਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਦੇਸ਼ ਦੇ ਉੱਘੇ ਖਿਡਾਰੀਆਂ ਨਾਲ ਮਿਲਣ ਅਤੇ ਉਨ੍ਹਾਂ ਨਾਲ ਖੇਡਾਂ, ਸਿਹਤ, ਅਨੁਸ਼ਾਸਨ ਅਤੇ ਜੀਵਨ ਵਿਚ ਸਫਲਤਾ ਸਬੰਧੀ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕੀਤਾ ਜਾਵੇਗਾ, ਜਿੱਥੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਖਿਡਾਰੀਆਂ ਨਾਲ ਸੰਵਾਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ। ਤੰਦਰੁਸਤ ਅਤੇ ਅਨੁਸ਼ਾਸਿਤ ਨੌਜਵਾਨ ਹੀ ਦੇਸ਼ ਦੇ ਵਿਕਾਸ ਵਿਚ ਆਪਣੀ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਦੇ ਹਨ। ਦੇਵ ਸਮਾਜ ਕਾਲਜ ਫ਼ਾਰ ਵੁਮੈਨ ਲਈ ਇਹ ਪ੍ਰੋਗਰਾਮ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਵਲੋਂ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕਾਲਜ ਨੂੰ ‘ਕੈਟਾਗਰੀ ਏ’ ਵਿਚ ਸ਼ਾਮਲ ਕੀਤਾ ਗਿਆ ਹੈ। ਕਾਲਜ ਕੋਲ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਵੀ ਮੌਜੂਦ ਹਨ। ਇਹ ਪ੍ਰੋਗਰਾਮ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਰੁਪਿੰਦਰਜੀਤ ਕੌਰ ਸਹਾਇਕ ਪ੍ਰੋਫੈਸਰ ਅੰਗਰੇਜ਼ੀ ਅਤੇ ਡਾ.ਗੀਤਾਂਜਲੀ, ਸਹਾਇਕ ਪ੍ਰੋਫੈਸਰ ਬੋਟਨੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥਣਾਂ ਨੂੰ ਪ੍ਰੋਗਰਾਮ ਵਿਚ ਸਰਗਰਮ ਭਾਗੀਦਾਰੀ ਕਰਕੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।