‘ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਜੋਸ਼ ਵਧਾਉਣ ਫ਼ਿਰੋਜ਼ਪੁਰ ਪਹੁੰਚੀ ਟਾਰਚ ਰੈਲੀ
ਵੱਖ-ਵੱਖ ਥਾਵਾਂ ’ਤੇ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਲੋਕਾਂ ਵਲੋਂ ਕੀਤਾ ਗਿਆ ਭਰਵਾਂ ਸਵਾਗਤ
ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੱਢੀ ਜਾ ਰਹੀ ਟਾਰਚ ਰੈਲੀ ਦਾ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਟਾਰਚ ਰੈਲੀ ਦੇ ਪਹੁੰਚਣ ਨਾਲ ਖਿਡਾਰੀਆਂ, ਕੋਚਾਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।
ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੱਢੀ ਜਾ ਰਹੀ ਟਾਰਚ ਰੈਲੀ ਦਾ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਟਾਰਚ ਰੈਲੀ ਦੇ ਪਹੁੰਚਣ ਨਾਲ ਖਿਡਾਰੀਆਂ, ਕੋਚਾਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਟਾਰਚ ਰੈਲੀ ਜ਼ਿਲ੍ਹਾ ਤਰਨਤਾਰਨ ਤੋਂ ਹਰੀਕੇ ਪੱਤਣ ਵਿਖੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਦਾਖਲ ਹੋਈ, ਜਿੱਥੋਂ ਇਹ ਮੱਖੂ ਰਾਹੀਂ ਹਲਕਾ ਜ਼ੀਰਾ ਪਹੁੰਚੀ, ਜਿੱਥੇ ਵਿਧਾਇਕ ਨਰੀਸ਼ ਕਟਾਰੀਆ ਵਲੋਂ ਟਾਰਚ ਰੈਲੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮਹਾਂਉਤਸਵ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਟਾਰਚ ਰੈਲੀ ਤਲਵੰਡੀ ਭਾਈ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਪਹੁੰਚੀ। ਇੱਥੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵਲੋਂ ਟਾਰਚ ਰੈਲੀ ਦਾ ਸਵਾਗਤ ਕੀਤਾ ਗਿਆ। ਸਟੇਡੀਅਮ ਵਿਚ ਮੌਜੂਦ ਖਿਡਾਰੀਆਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਖੇਡਾਂ ਪ੍ਰਤੀ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਉਪਰੰਤ ਸਵੇਰੇ ਇਹ ਟਾਰਚ ਰੈਲੀ ਗੁਰੂਹਰਸਹਾਏ ਲਈ ਰਵਾਨਾ ਹੋਈ, ਜਿੱਥੇ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਵਿਖੇ ਪਹੁੰਚਣ ’ਤੇ ਵਿਧਾਇਕ ਗੁਰੂਹਰਸਹਾਏ ਫ਼ੌਜਾਂ ਸਿੰਘ ਸਰਾਰੀ ਵਲੋਂ ਇਸ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਟਾਰਚ ਰੈਲੀ 31 ਅਗਸਤ ਨੂੰ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਠਹਿਰੇਗੀ ਅਤੇ 1 ਸਤੰਬਰ ਨੂੰ ਗੁਰੂਹਰਸਹਾਏ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਨੂੰ ਖੇਡਾਂ ਨਾਲ ਜੋੜਨਾ, ਨੌਜਵਾਨ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਅਤੇ ਪੰਜਾਬ ਵਿਚ ਖੇਡਾਂ ਦਾ ਮਾਹੌਲ ਮਜ਼ਬੂਤ ਕਰਨਾ ਹੈ। ਟਾਰਚ ਰੈਲੀ ਦੇ ਸਵਾਗਤ ਮੌਕੇ ਵੱਖ- ਵੱਖ ਥਾਵਾਂ ’ਤੇ ਲੋਕਾਂ ਅਤੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੁਖਦੀਪ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ, ਬਲਰਾਜ ਸਿੰਘ ਕਟੋਰਾ, ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸਮੇਤ ਖੇਡ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।